- ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਕੁਲਜੀਤ ਸਿੰਘ ਰੰਧਾਵਾ
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਜੁਲਾਈ (ਹਰਜਿੰਦਰ ਸਿੰਘ ਭੱਟੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਚਲਾਈ ਜਾ ਰਹੀ ਮੁਫ਼ਤ ਸਕੂਲ ਬੈਗ ਯੋਜਨਾ ਤਹਿਤ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਸਕੂਲ ਆਫ਼ ਐਮੀਨੈਂਸ, ਡੇਰਾਬੱਸੀ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਵਿਦਿਆਰਥੀ ਨੂੰ ਸਿੱਖਿਆ ਪ੍ਰਾਪਤ ਕਰਨ ਦੌਰਾਨ ਸਹੂਲਤਾਂ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਹਰ ਵਿਦਿਆਰਥੀ ਨੂੰ ਬਿਹਤਰ ਸਿੱਖਿਆ, ਆਧੁਨਿਕ ਸਹੂਲਤਾਂ ਅਤੇ ਸੁਖਾਵਾਂ ਵਿੱਦਿਅਕ ਮਾਹੌਲ ਮਿਲੇ, ਤਾਂ ਜੋ ਉਹ ਆਪਣੀ ਪ੍ਰਤਿਭਾ ਨੂੰ ਨਿਖਾਰਦੇ ਹੋਏ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ ਅਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਸਕੂਲ ਬੈਗ ਵਰਗੀਆਂ ਪਹਿਲਕਦਮੀਆਂ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਉੱਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘਟਾਉਂਦੀਆਂ ਹਨ।
ਇਸ ਮੌਕੇ ਵਿਧਾਇਕ ਰੰਧਾਵਾ ਵੱਲੋਂ ਸਕੂਲ ਦੇ ਮਿੱਡ ਡੇਅ ਮੀਲ ਦਾ ਵੀ ਮਿਆਰ ਜਾਂਚਿਆ ਗਿਆ ਅਤੇ ਖੁਦ ਖਾ ਕੇ ਦੇਖਿਆ ਗਿਆ।
ਇਸ ਮੌਕੇ ਸਕੂਲ ਪ੍ਰਿੰਸੀਪਲ ਅਤੇ ਹੋਰ ਅਧਿਆਪਨ ਸਟਾਫ਼ ਵੀ ਹਾਜ਼ਰ ਸਨ।