ਅਜਨਾਲਾ ਦੇ ਸਰਹੱਦੀ ਖੇਤਰ ’ਚੋਂ ਡਰੋਨ ਰਾਹੀਂ ਭੇਜੀਆਂ ਨਸ਼ਿਆਂ ਦੀ ਖੇਪਾਂ ਪ੍ਰਾਪਤ ਕਰ ਰਹੇ ਸਨ ਗ੍ਰਿਫਤਾਰ ਕੀਤੇ ਵਿਅਕਤੀ: ਡੀਜੀਪੀ ਗੌਰਵ ਯਾਦਵ*
ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫ਼ਲਤਾ ਦਰਜ ਕਰਦਿਆਂ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ 17.5 ਕਿਲੋ ਹੈਰੋਇਨ ਦੀ ਵੱਡੀ ਖੇਪ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰੁਨ ਉਰਫ਼ ਰਹਿਮਤ ਅਤੇ ਰਾਹੁਲ ਸਿੰਘ ਦੋਵੇਂ ਵਾਸੀ ਨਾਰਾਇਣਗੜ੍ਹ , ਛੇਹਰਟਾ( ਅੰਮ੍ਰਿਤਸਰ), ਜਦ ਕਿ ਤੀਜੇ ਮੁਲਜ਼ਮ ਦੀ ਪਛਾਣ ਇੱਕ ਨਾਬਾਲਗ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ‘ਹੀਰੋ ਸਪਲੈਂਡਰ’ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਨਸ਼ੀਲੇ ਪਦਾਰਥਾਂ ਨੂੰ ਲਿਆਉਣ-ਲਿਜਾਣ ਲਈ ਕੀਤੀ ਜਾਂਦੀ ਸੀ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਜਨਾਲਾ ਦੇ ਸਰਹੱਦੀ ਖੇਤਰ ਤੋਂ ਡਰੋਨ ਰਾਹੀਂ ਭੇਜੀਆਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ।
ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਅਰੁਨ ਉਰਫ਼ ਰਹਿਮਤ, ਰਾਹੁਲ ਸਿੰਘ ਅਤੇ ਉਨ੍ਹਾਂ ਦੇ ਨਾਬਾਲਗ ਸਾਥੀ ਨੇ ਕੁਝ ਹੋਰ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਹਾਲ ਹੀ ਵਿੱਚ ਅਜਨਾਲਾ ਸਰਹੱਦੀ ਖੇਤਰ ਤੋਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ। ਉਹ ਇਹ ਨਸ਼ੀਲੇ ਪਦਾਰਥ ਅੱਗੇ ਸਪਲਾਈ ਕਰਨ ਲਈ ਅੰਮ੍ਰਿਤਸਰ-ਅਜਨਾਲਾ ਰੋਡ ’ਤੇ ਸਥਿਤ ‘ਅੱਡਾ ਮਹਿਲ ਬੁਖਾਰੀ’ ਵੱਲ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਛਾਪਾਮੇਰੀ ਕੀਤੀ ਅਤੇ ‘ਅੱਡਾ ਮਹਿਲ ਬੁਖਾਰੀ’ ਨੇੜਿਓਂ ਤਿੰਨਾਂ ਸ਼ੱਕੀਆਂ ਨੂੰ 17.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ।
ਡੀ.ਜੀ.ਪੀ. ਨੇ ਕਿਹਾ ਕਿ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ, ਹੋਰ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 77, ਮਿਤੀ 23-11-2026 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਦੇ ਤਹਿਤ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।