ਤਿੰਨ ਜ਼ਿਲ੍ਹਿਆਂ 'ਚ ਗੈਰ-ਕਾਨੂੰਨੀ ਵਿਕਰੀ ਵਿਰੁੱਧ ਕੀਤੀ ਕਾਰਵਾਈ, ਬਕਾਇਆ ਮਾਮਲਿਆਂ ਅਤੇ ਅਗਲੀ ਰਣਨੀਤੀ ਦਾ ਲਿਆ ਜਾਇਜ਼ਾ
ਰੂਪਨਗਰ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿਖੇ ਸੰਸਦੀ ਮੈਂਬਰ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ ਤਾਂ ਜੋ ਪੰਜਾਬ ਵਿੱਚ ਪਾਬੰਦ ਅਤੇ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ।
ਐਮ.ਪੀ. ਮਲਵਿੰਦਰ ਕੰਗ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦਵਾਈ ਵਿਕਰੇਤਾਵਾਂ ‘ਤੇ ਸਖਤ ਕਾਰਵਾਈ ਦੇ ਨਿਰਦੇਸ਼ ਦਿੰਦਿਆਂ ਸ. ਕੰਗ ਨੇ ਨਸ਼ੀਲੀਆਂ, ਗੈਰ-ਕਾਨੂੰਨੀ ਅਤੇ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਗਏ ਹਨ ਪਰ ਇਸ ਦੇ ਬਾਵਜੂਦ ਗੁਆਂਢੀ ਸੂਬਿਆਂ ਤੋਂ ਪੰਜਾਬ ਵਿਚ ਕੇਵਲ ਅਧਿਕਾਰਿਤ ਮੈਡੀਕਲ ਸਟੋਰਾਂ ਉੱਤੇ ਮਿਲਣ ਵਾਲੀਆਂ ਦਵਾਈਆਂ ਦੀ ਸਪਲਾਈ ਕੀਤੀ ਜਾ ਰਹੀ ਹੈ। ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਸਖ਼ਤ ਪ੍ਰਣਾਲੀ ਨੂੰ ਯਕੀਨਨ ਲਾਗੂ ਕਰੇਗੀ।
ਇਸ ਮੀਟਿੰਗ ਦੌਰਾਨ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਐੱਸ.ਏ.ਐੱਸ. ਨਗਰ ਜ਼ਿਲ੍ਹਿਆਂ ਵਿੱਚ ਅਜਿਹੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਸਪਲਾਈ ਨੂੰ ਪੂਰੀ ਤਰ੍ਹਾਂ ਰੋਕਣ ਲਈ ਕੀਤੀਆਂ ਗਈਆਂ ਕਾਰਵਾਈਆਂ, ਮੌਜੂਦਾ ਸਥਿਤੀ ਅਤੇ ਅਗਲੀ ਕਾਰਵਾਈ ਬਾਰੇ ਸੁਝਾਅ ਲਏ ਗਏ। ਇਸ ਦੇ ਨਾਲ ਹੀ ਡਰੱਗ ਕੰਟਰੋਲ ਅਫਸਰਾਂ ਤੋਂ ਕੀਤੀ ਜਾਣ ਵਾਲੀਆਂ ਕਾਰਗੁਜ਼ਾਰੀਆਂ ਦਾ ਨਿਰੀਖਣ ਕੀਤਾ ਗਿਆ।
ਸ. ਮਲਵਿੰਦਰ ਸਿੰਘ ਕੰਗ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਦੀ ਸਿਹਤ ਅਤੇ ਸਮਾਜ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਖ਼ਾਸ ਤੌਰ ਉੱਤੇ ਪਿੰਡਾਂ ਅਤੇ ਕਸਬਿਆਂ ਵਿੱਚ ਚੱਲ ਰਹੇ ਮੈਡੀਕਲ ਸਟੋਰਾਂ ਉੱਤੇ ਸਖ਼ਤ ਨਿਗਰਾਨੀ ਰੱਖੀ ਜਾਵੇ।
ਉਨ੍ਹਾਂ ਕਿਹਾ ਕਿ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਬਿਨਾਂ ਅਧਿਕਾਰ ਅਤੇ ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਜਾਂਦੀ ਵਿਕਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਲਈ ਸਬੰਧਤ ਵਿਭਾਗਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਨਿਯਮਤ ਜਾਂਚ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਸੰਸਦੀ ਮੈਂਬਰ ਵੱਲੋਂ ਮੀਟਿੰਗ ਦੌਰਾਨ ਪਿਛਲੇ ਦੋ ਤੋਂ ਤਿੰਨ ਸਾਲਾਂ ਵਿੱਚ ਕੀਤੀਆਂ ਗਈਆਂ ਜਾਂਚਾਂ, ਜਬਤ ਕੀਤੀ ਗਈਆਂ ਦਵਾਈਆਂ ਦੀ ਵਿਕਰੀ ਦੇ ਲਾਇਸੈਂਸਾਂ ਵਿਰੁੱਧ ਕੀਤੀ ਕਾਰਵਾਈ ਅਤੇ ਦਰਜ ਕੀਤੇ ਗਏ ਮੁਕੱਦਮਿਆਂ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਵਾਰ-ਵਾਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਕਰੇਤਾਵਾਂ ਅਤੇ ਅਦਾਰਿਆਂ ਦੀ ਪਛਾਣ, ਪਹਿਲਾਂ ਕੀਤੇ ਗਏ ਉਪਰਾਲਿਆਂ ਦੇ ਨਤੀਜਿਆਂ ਅਤੇ ਗੈਰ-ਕਾਨੂੰਨੀ ਸਪਲਾਈ ਨੂੰ ਰੋਕਣ ਲਈ ਹੋਰ ਲੋੜੀਂਦੇ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ।
ਸ. ਮਲਵਿੰਦਰ ਸਿੰਘ ਕੰਗ ਨੇ ਬਕਾਇਆ ਮਾਮਲਿਆਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਉਨ੍ਹਾਂ ਦੇ ਨਿਪਟਾਰੇ ਲਈ ਢੁਕਵੇਂ ਉਪਰਾਲੇ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਾਰਵਾਈ ਸਿਰਫ਼ ਜਾਂਚ ਜਾਂ ਜ਼ਬਤੀ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਗੈਰ-ਕਾਨੂੰਨੀ ਵਿਕਰੀ ਦੇ ਸਰੋਤਾਂ ਅਤੇ ਸਪਲਾਈ ਲੜੀ ਨੂੰ ਤੋੜਨ ਲਈ ਠੋਸ ਅਤੇ ਨਿਰੰਤਰ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਉਨ੍ਹਾਂ ਸਮੁੱਚੇ ਲੋਕ ਸਭਾ ਹਲਕੇ ਵਿੱਚ ਇਸ ਸਮੱਸਿਆ ਨਾਲ ਨਜਿੱਠਣ ਲਈ ਸਮਾਂਬੱਧ ਕਾਰਜ ਯੋਜਨਾ ਤਿਆਰ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੀ ਨਿਯਮਤ ਸਮੀਖਿਆ ਕੀਤੀ ਜਾ ਸਕੇ ਅਤੇ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ ਯਕੀਨੀ ਬਣਾਈ ਜਾ ਸਕੇ।
ਸੰਸਦੀ ਮੈਂਬਰ ਨੇ ਕਿਹਾ ਕਿ ਨਸ਼ਿਆਂ ਅਤੇ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣਾ ਸਮਾਜਿਕ ਜ਼ਿੰਮੇਵਾਰੀ ਦੇ ਨਾਲ-ਨਾਲ ਕਾਨੂੰਨ ਦੀ ਪਾਲਣਾ ਨਾਲ ਜੁੜਿਆ ਅਹਿਮ ਮੁੱਦਾ ਹੈ। ਇਸ ਲਈ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ, ਜਵਾਬਦੇਹੀ ਅਤੇ ਲਗਾਤਾਰ ਨਿਗਰਾਨੀ ਰਾਹੀਂ ਇਸ ਸਮੱਸਿਆ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ।
ਇਸ ਮੀਟਿੰਗ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਰੱਗ ਇੰਸਪੈਕਟਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਕੀਤੀਆਂ ਕਾਰਵਾਈਆਂ ਅਤੇ ਅਗਲੇਰੇ ਉਪਰਾਲਿਆਂ ਬਾਰੇ ਠੋਸ ਰਿਪੋਰਟ ਤਿਆਰ ਕਰਨ ਅਤੇ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਬਿਨਾਂ ਦੇਰੀ ਨਾਲ ਸਿਹਤ ਵਿਭਾਗ ਦੇ ਮੁੱਖ ਦਫ਼ਤਰ ਨੂੰ ਭੇਜਣ ਲਈ ਕਿਹਾ ਗਿਆ ਤਾਂ ਜੋ ਅਗਲੀ ਕਾਰਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ।
ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਐੱਸਪੀ ਹਰਸਿਮਰਤ ਸਿੰਘ ਸ਼ੇਤਰਾ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਐਸਡੀਐਮ ਮੋਰਿੰਡਾ ਚੇਤਨ ਬੰਗੜ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਸਿਵਲ ਹਸਪਤਾਲ ਮੋਹਾਲੀ ਤੋਂ ਡਾ. ਗਿਰੀਸ਼ ਛੋਗਰਾ, ਵਧੀਕ ਸਿਵਲ ਹਸਪਤਾਲ ਰੂਪਨਗਰ ਤੋਂ ਡਾ. ਅੰਜਲੀ ਚੌਧਰੀ, ਡੀ.ਸੀ.ਓ. ਰੂਪਨਗਰ ਹਰਪ੍ਰੀਤ ਕੌਰ, ਡੀ.ਸੀ.ਓ., ਮੋਹਾਲੀ ਜਸਰਮਨ ਕੌਰ, ਡੀ.ਸੀ.ਓ. ਗੁਰਪ੍ਰੀਤ ਸਿੰਘ ਸੋਢੀ , ਡੀ.ਸੀ.ਓ. ਐੱਸ.ਏ.ਐੱਸ. ਨਗਰ ਅਨੁਰਾਗ, ਡੀ.ਸੀ.ਓ. ਸ਼ਹੀਦ ਭਗਤ ਸਿੰਘ ਨਗਰ ਗੁਰਜੀਤ ਸਿੰਘ, ਡੀ.ਸੀ.ਓ. ਹੁਸ਼ਿਆਰਪੁਰ ਮਨਪ੍ਰੀਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।