ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਮਹਾਨ ਸ਼ਹੀਦਾਂ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਇਤਿਹਾਸਕ ਯਾਤਰਾ ਵਿੱਚ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ
ਨਵੀਂ ਦਿੱਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਹੈ ਕਿ ਨੌਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਲਾਸਾਨੀ ਸ਼ਹਾਦਤ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਇਤਿਹਾਸਕ ਤਿਲਕ ਜੰਞੂ ਰੱਖਿਅਕ ਯਾਤਰਾ 29 ਨਵੰਬਰ, 2026 ਦਿਨ ਐਤਵਾਰ ਨੂੰ ਸਜਾਈ ਜਾਵੇਗੀ।
ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਹ ਤਿਲਕ ਜੰਞੂ ਰੱਖਿਅਕ ਯਾਤਰਾ ਗੁਰਦੁਆਰਾ ਗੁਰੂ ਕਾ ਤਾਲ ਆਗਰਾ ਸਾਹਿਬ ਤੋਂ ਸਵੇਰੇ 9 ਵਜੇ ਆਰੰਭ ਹੋ ਕੇ ਮਥੁਰਾ, ਕੋਸੀ, ਹੋਦਲ, ਪਲਵਲ, ਸਿਕਰੀ, ਬੱਲਭਗੜ, ਫਰੀਦਾਬਾਦ ਹੁੰਦੀ ਹੋਈ ਰਾਤ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨਵੀਂ ਦਿੱਲੀ ਵਿਖੇ ਪੁੱਜੇਗੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵੇਂ ਆਗੂਆਂ ਨੇ ਕਿਹਾ ਇਹ ਯਾਤਰਾ ਨੌਵੇਂ ਪਾਤਸ਼ਾਹ ਅਤੇ ਉਨ੍ਹਾਂ ਦੇ ਮਹਾਨ ਸਿੱਖਾਂ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਬ-ਸਾਂਝੀਵਾਲਤਾ, ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਮਹਾਨ ਸੰਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਉਣ ਦਾ ਅਹਿਮ ਉਪਰਾਲਾ ਹੈ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੁਨੀਆ ਭਰ ਦੇ ਇਤਿਹਾਸ ਵਿੱਚ ਧਾਰਮਿਕ ਸੁਤੰਤਰਤਾ, ਮਨੁੱਖੀ ਮਰਿਆਦਾ ਅਤੇ ਦੂਜਿਆਂ ਦੇ ਧਾਰਮਿਕ ਵਿਸ਼ਵਾਸਾਂ ਦੀ ਰਾਖੀ ਲਈ ਦਿੱਤੀ ਗਈ ਬੇਮਿਸਾਲ ਕੁਰਬਾਨੀ ਦੀ ਅਦੁੱਤੀ ਮਿਸਾਲ ਹੈ। ਉਨਾਂ ਕਿਹਾ ਕਿ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੇ ਵੀ ਅਡੋਲ ਵਿਸ਼ਵਾਸ, ਅਦੁੱਤੀ ਸਿਦਕ ਅਤੇ ਅਥਾਹ ਗੁਰੂ-ਭਗਤੀ ਦਾ ਪ੍ਰਗਟਾਵਾ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ, ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਮੁੱਚੀ ਮਨੁੱਖਤਾ ਲਈ ਸਦਾ ਪ੍ਰੇਰਨਾ ਦਾ ਸਰੋਤ ਰਹਿਣਗੀਆਂ।
ਦਿੱਲੀ ਕਮੇਟੀ ਦੇ ਦੋਵਾਂ ਆਗੂਆਂ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਇਤਿਹਾਸਕ ਤਿਲਕ ਜੰਞੂ ਰੱਖਿਅਕ ਯਾਤਰਾ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰੂ ਸਾਹਿਬਾਨ ਤੇ ਮਹਾਨ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ।