ਅਜਨਾਲਾ: ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਅਜਨਾਲਾ ਥਾਣੇ 'ਤੇ ਹਮਲੇ ਮਾਮਲੇ 'ਚ ਸੁਣਵਾਈ ਕੀਤੀ। ਅਦਾਲਤ ਨੇ ਦੋਵਾਂ ਪੱਖਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਦੋ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਪਰ ਇੱਥੇ ਇਹ ਗੱਲ ਦੱਸਣਯੋਗ ਕਿ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ 'ਚ ਹੀ ਰਹਿਣਗੇ।
ਅੰਮ੍ਰਿਤਪਾਲ 'ਤੇ ਲੱਗੀ ਐਨਐਸਏ ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋ ਚੁੱਕੀ ਹੈ ਅਤੇ ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ 21 ਅਪ੍ਰੈਲ ਨੂੰ ਹੀ ਪਹੁੰਚ ਗਈ ਸੀ, ਜਿੱਥੇ ਅੰਮ੍ਰਿਤਪਾਲ ਸਿੰਘ ਨੂੰ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਨਜ਼ਰਬੰਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਧਾਰਾ 307 ਸਮੇਤ ਕਈ ਗੰਭੀਰ ਦੋਸ਼ ਲਗਾਏ ਗਏ ਹਨ। ਉਨ੍ਹਾਂ ਦੇ ਅਨੁਸਾਰ, ਇਸ ਮਾਮਲੇ ਵਿੱਚ ਸ਼ਾਮਲ ਹੋਰ ਸਾਥੀ ਪਹਿਲਾਂ ਹੀ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ।