ਚੰਡੀਗੜ੍ਹ, 2 ਮਈ: 'ਆਪ' ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਪੰਜਾਬ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਪੰਜਾਬ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਹ ਮਾਮਲੇ ਭ੍ਰਿਸ਼ਟਾਚਾਰ ਅਤੇ ਸ਼ੋਸ਼ਣ ਨਾਲ ਸਬੰਧਤ ਹਨ। ਪੁਲਿਸ ਸੂਤਰਾਂ ਅਨੁਸਾਰ, ਇਹ ਮਾਮਲੇ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦਰਜ ਕੀਤੇ ਗਏ ਹਨ। ਸੰਦੀਪ ਪਾਠਕ ਮਾਮਲੇ ਦੀ ਖ਼ਬਰ ਆਉਣ ਤੋਂ ਪਹਿਲਾਂ ਹੀ ਆਪਣਾ ਦਿੱਲੀ ਵਾਲਾ ਘਰ ਛੱਡ ਕੇ ਚਲੇ ਗਏ ਹਨ। ਜਦੋਂ ਮੀਡੀਆ ਨੇ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਜਲਦੀ ਨਾਲ ਆਪਣੀ ਕਾਰ ਵਿੱਚ ਬੈਠ ਕੇ ਚਲੇ ਗਏ।
ਉੱਧਰ ਦੂਜੇ ਪਾਸੇ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੇ ਦਿੱਲੀ ਵਾਲੇ ਘਰ ਪਹੁੰਚੀ ਹੈ, ਅਤੇ ਉਨ੍ਹਾਂ ਨੂੰ ਕਿਸੇ ਵੀ ਸਮੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਹਾਲਾਂਕਿ, ਪੰਜਾਬ ਪੁਲਿਸ ਜਾਂ ਸਰਕਾਰੀ ਬੁਲਾਰੇ ਵੱਲੋਂ ਕੋਈ ਤੁਰੰਤ ਪ੍ਰਤੀਕਿਰਿਆ ਨਹੀਂ ਆਈ ਹੈ। ਸੰਦੀਪ ਪਾਠਕ ਨੇ ਨਿਊਜ਼ ਏਜੰਸੀ ਏਐਨਆਈ ਨਾਲ ਗੱਲ ਕਰਦਿਆਂ ਕਿਹਾ, "ਮੈਨੂੰ ਮੇਰੇ ਖ਼ਿਲਾਫ਼ ਕਿਸੇ ਵੀ ਐਫਆਈਆਰ ਬਾਰੇ ਪਤਾ ਨਹੀਂ ਹੈ।"