- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ਵਿੱਚ ਸੈਂਕੜੇ ਸਾਥੀਆਂ ਨੇ ਵੀ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ
- ਨਵੇਂ ਸਾਥੀਆਂ ਦੇ ਤਜਰਬੇ ਅਤੇ ਲੋਕਾਂ ਨਾਲ ਸਾਂਝ ਨਾਲ ਹਲਕਾ ਲਹਿਰਾ ਵਿੱਚ ਪਾਰਟੀ ਹੋਵੇਗੀ ਹੋਰ ਮਜ਼ਬੂਤ: ਬਰਿੰਦਰ ਕੁਮਾਰ ਗੋਇਲ
- ਪਾਰਟੀ ਵਿੱਚ ਸ਼ਾਮਲ ਹੋਏ ਹਰੇਕ ਸਾਥੀ ਨੂੰ ਮਿਲੇਗਾ ਪੂਰਾ ਮਾਣ-ਸਤਿਕਾਰ: ਕੈਬਨਿਟ ਮੰਤਰੀ
ਖਨੌਰੀ/ ਸੰਗਰੂਰ, 29 ਸਤੰਬਰ : ਵਿਧਾਨ ਸਭਾ ਹਲਕਾ ਲਹਿਰਾ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਰੀਬ ਪੰਜ ਦਹਾਕਿਆਂ ਤੋਂ ਬੀਬੀ ਰਾਜਿੰਦਰ ਕੌਰ ਭੱਠਲ ਨਾਲ ਜੁੜੇ ਰਹੇ ਰਜਿੰਦਰ ਸਿੰਘ ਇੰਦਰ, ਸਾਬਕਾ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਖਨੌਰੀ ਮੰਡੀ, ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ਵਿੱਚ ਹੋਈ ਇਸ ਸ਼ਮੂਲੀਅਤ ਨੂੰ ਹਲਕੇ ਵਿੱਚ ਪਾਰਟੀ ਦੀ ਮਜ਼ਬੂਤੀ ਵੱਲ ਅਹਿਮ ਕਦਮ ਦੱਸਿਆ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਜਿੰਦਰ ਸਿੰਘ ਇੰਦਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਲੋਕਾਂ ਵਿੱਚ ਵਿਚਰਨ ਵਾਲੇ ਆਗੂਆਂ ਅਤੇ ਵਰਕਰਾਂ ਦੇ ਪਾਰਟੀ ਨਾਲ ਜੁੜਨ ਨਾਲ ਹਲਕਾ ਲਹਿਰਾ ਵਿੱਚ ‘ਆਪ’ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਰਜਿੰਦਰ ਸਿੰਘ ਇੰਦਰ ਦਾ ਤਜਰਬਾ ਅਤੇ ਲੋਕਾਂ ਨਾਲ ਉਨ੍ਹਾਂ ਦੀ ਸਾਂਝ ਇਲਾਕੇ ਦੇ ਮਸਲੇ ਸਮਝਣ ਅਤੇ ਉਨ੍ਹਾਂ ਨੂੰ ਹੱਲ ਲਈ ਅੱਗੇ ਰੱਖਣ ਵਿੱਚ ਸਹਾਈ ਹੋਵੇਗੀ।
ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨਵੇਂ ਸਾਥੀਆਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਆਪਣਾ ਰਾਬਤਾ ਹੋਰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਲੋੜਾਂ ਤੇ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਗੱਲ ਸੁਣ ਕੇ ਕੰਮ ਕਰਨਾ ਹੀ ਪਾਰਟੀ ਦੀ ਕਾਰਜਸ਼ੈਲੀ ਦਾ ਅਧਾਰ ਹੈ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਬਿਜਲੀ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕਾ ਲਹਿਰਾ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੇ ਰੋਜ਼ਾਨਾ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਵੱਲੋਂ ਮਿਲਣ ਵਾਲੇ ਸੁਝਾਵਾਂ ਨੂੰ ਵੀ ਪੂਰੀ ਗੰਭੀਰਤਾ ਨਾਲ ਲਿਆ ਜਾਵੇਗਾ।
ਇਸ ਮੌਕੇ ਰਜਿੰਦਰ ਸਿੰਘ ਇੰਦਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜ ਦਹਾਕਿਆਂ ਦੇ ਜਨਤਕ ਜੀਵਨ ਦੌਰਾਨ ਲੋਕਾਂ ਨਾਲ ਬਣੇ ਰਿਸ਼ਤੇ ਉਨ੍ਹਾਂ ਲਈ ਬਹੁਤ ਮਹੱਤਵਪੂਰਨ ਹਨ ਅਤੇ ਉਹ ਅੱਗੇ ਵੀ ਆਪਣੇ ਸਾਥੀਆਂ ਨਾਲ ਮਿਲ ਕੇ ਇਲਾਕੇ ਦੇ ਲੋਕਾਂ ਦੀ ਆਵਾਜ਼ ਉਠਾਉਂਦੇ ਰਹਿਣਗੇ।
ਰਜਿੰਦਰ ਸਿੰਘ ਇੰਦਰ ਨੇ ਪਾਰਟੀ ਵਿੱਚ ਸਵਾਗਤ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ ਹਲਕਾ ਲਹਿਰਾ ਵਿੱਚ ਪਾਰਟੀ ਦੀਆਂ ਸਰਗਰਮੀਆਂ ਵਿੱਚ ਪੂਰੀ ਤਨਦੇਹੀ ਨਾਲ ਹਿੱਸਾ ਲੈਣਗੇ।
ਆਪ ਵਿਚ ਸ਼ਾਮਲ ਹੋਣ ਵਾਲਿਆਂ ਵਿੱਚ ਨਰੇਸ਼ ਕੁਮਾਰ ਸਿੰਗਲਾ, ਰੋਮ ਰਾਜ ਸਿੰਗਲਾ, ਮੋਹਨ ਲਾਲ ਆੜ੍ਹਤੀ, ਰਿੰਪੀ ਸਿੰਗਲਾ, ਪ੍ਰੇਮ ਚੰਦ ਪ੍ਰੇਮਾ ਸਾਬਕਾ ਕੌਂਸਲਰ ਸ਼ਾਮਲ ਸਨ।