- ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪੰਜਾਬ ਵਿਧਾਨ ਸਭਾ ’ਚ ਦਿੱਤੀ ਜਾਣਕਾਰੀ
- ਸਰਪੰਚਾਂ ਦੇ ਕਤਲ, ਫਿਰੌਤੀ ਤੇ ਨਸ਼ਾ ਤਸਕਰੀ ਦੇ ਮਾਮਲਿਆਂ ’ਚ ਹੈ ਨਾਮ
ਤਰਨਤਾਰਨ, 23 ਅਕਤੂਬਰ : ਕੇਂਦਰ ਸਰਕਾਰ ਦੇ ਵਿਸ਼ੇਸ਼ ਮੁਹਿੰਮ ਤਹਿਤ ਤਰਨਤਾਰਨ ਨਾਲ ਸਬੰਧਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਨੂੰ ਕੈਨੇਡਾ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਜਾਣਕਾਰੀ ਤਰਨਤਾਰਨ ਤੋਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਸਦਨ ਵਿੱਚ ਦਿੱਤੀ।
ਮੀਆਂਪੁਰ ਪਿੰਡ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਬਾਠ ਖ਼ਿਲਾਫ਼ ਕਤਲ, ਫਿਰੌਤੀ ਅਤੇ ਨਸ਼ਾ ਤਸਕਰੀ ਸਮੇਤ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਦੱਸੇ ਜਾਂਦੇ ਹਨ। ਦੋਸ਼ ਹੈ ਕਿ ਉਹ ਪੰਜਾਬ ਪੁਲਿਸ ਤੋਂ ਬਚਣ ਲਈ ਜਾਅਲੀ ਪਾਸਪੋਰਟ ਰਾਹੀਂ ਭਾਰਤ ਤੋਂ ਕੈਨੇਡਾ ਭੱਜ ਗਿਆ ਸੀ। ਬਾਠ ’ਤੇ 14 ਜਨਵਰੀ 2024 ਨੂੰ ਝਬਾਲ ਦੇ ਸਰਪੰਚ ਮੋਨੂ ਚੀਮਾ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਮੁੱਖ ਦੋਸ਼ ਹੈ। ਇਸ ਤੋਂ ਇਲਾਵਾ, ਪਿੰਡ ਲਾਲੂ ਘੁੰਮਣ ਦੇ ਬਜ਼ੁਰਗ ਸਰਪੰਚ ਦੇ ਕਤਲ ਮਾਮਲੇ ਵਿੱਚ ਵੀ ਉਸ ਦਾ ਨਾਮ ਸਾਹਮਣੇ ਆਇਆ ਸੀ।
ਵਿਧਾਨ ਸਭਾ ’ਚ ਅਕਾਲੀ ਦਲ ’ਤੇ ਲਾਏ ਦੋਸ਼
ਸਦਨ ਵਿੱਚ ਇਸ ਮਾਮਲੇ ਦਾ ਜ਼ਿਕਰ ਕਰਦਿਆਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਗੈਂਗਸਟਰਵਾਦ ਨੂੰ ਹੱਲਾਸ਼ੇਰੀ ਦੇਣ ਦੇ ਦੋਸ਼ ਲਾਏ। ਉਨ੍ਹਾਂ ਦਾਅਵਾ ਕੀਤਾ ਕਿ ਨਵੰਬਰ 2025 ਦੀ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਨੇ ਬਾਠ ਦੀ ਸੱਸ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਬਣਾਇਆ ਸੀ। ਇਸ ਤੋਂ ਬਾਅਦ ਉਸ ਦੀ ਪਤਨੀ ਕੰਚਨਪ੍ਰੀਤ ਕੌਰ ਰੰਧਾਵਾ ਨੂੰ ਚੋਣ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ।
ਗੈਂਗਸਟਰਵਾਦ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ
ਵਿਧਾਇਕ ਸੰਧੂ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਗੈਂਗਸਟਰਵਾਦ ਵਿਰੁੱਧ ਲੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸ਼ਾਂਤੀਪੂਰਨ ਮਾਹੌਲ ਕਾਇਮ ਰੱਖਣ ਲਈ ਸਾਰੀਆਂ ਧਿਰਾਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ।