ਚੰਡੀਗੜ੍ਹ, 21 ਅਕਤੂਬਰ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ 22 ਅਕਤੂਬਰ ਤੋਂ ਸ਼ੁਰੂ ਹੋ ਕੇ 27 ਅਕਤੂਬਰ ਤੱਕ ਚੱਲੇਗਾ। ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ ਅਤੇ ਗੈਰ-ਸਰਕਾਰੀ ਕੰਮਕਾਜ ਨਿਪਟਾਇਆ ਜਾਵੇਗਾ। ਇਜਲਾਸ ਦੌਰਾਨ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਅਤੇ ਬੇਅਦਬੀ ਕਾਨੂੰਨ ਨਾਲ ਸਬੰਧਤ ਸੋਧਾਂ ਦੇ ਮੁੱਦਿਆਂ ’ਤੇ ਹੰਗਾਮਾ ਹੋਣ ਦੇ ਆਸਾਰ ਹਨ। ਇਸ ਇਜਲਾਸ ਦੌਰਾਨ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਵੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਅਮਰੀਕਾ ਨਾਲ ਪ੍ਰਸਤਾਵਿਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਮਤਾ ਲਿਆਉਣ ਦੀ ਸੰਭਾਵਨਾ ਹੈ।
ਕਿਸਾਨਾਂ ਦੇ ਮੁੱਦੇ ’ਤੇ ਵੀ ਹੋ ਸਕਦੀ ਹੈ ਚਰਚਾ
ਸਰਕਾਰ ਨੇ ਅਮਰੀਕਾ ਨਾਲ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਸਮਰਥਨ ਕਰਨ ਦਾ ਭਰੋਸਾ ਦਿੱਤਾ ਹੈ। ਇਸ ਕਾਰਨ ਵਿਧਾਨ ਸਭਾ ਵਿੱਚ ਇਸ ਮੁੱਦੇ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਵੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਖੇਤੀਬਾੜੀ ਅਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮਸਲੇ ਚੁੱਕਣ ਦੀ ਮੰਗ ਕੀਤੀ ਗਈ ਸੀ।
ਇਜਲਾਸ ਦੌਰਾਨ ਬੇਅਦਬੀ ਕਾਨੂੰਨ ਵਿੱਚ ਸੋਧਾਂ ਬਾਰੇ ਸਰਕਾਰ ਦੇ ਅਗਲੇ ਕਦਮਾਂ ’ਤੇ ਵੀ ਨਜ਼ਰ ਰਹੇਗੀ। ਸਰਕਾਰੀ ਮੁਲਾਜ਼ਮਾਂ ਵੱਲੋਂ 21 ਅਤੇ 22 ਅਕਤੂਬਰ ਨੂੰ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਦੇ ਐਲਾਨ ਕਾਰਨ ਇਜਲਾਸ ਦੇ ਪਹਿਲੇ ਦਿਨ ਮੁਲਾਜ਼ਮਾਂ ਦਾ ਮੁੱਦਾ ਵੀ ਚਰਚਾ ਵਿੱਚ ਰਹਿ ਸਕਦਾ ਹੈ।