ਅੰਮ੍ਰਿਤਸਰ, 31 ਅਕਤੂਬਰ:ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਮੌਕੇ ਸੰਗਤ ਨਾਲ ਵਿਚਾਰ ਕਰਦਿਆਂ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਸਮੇਂ ਦੀ ਕਾਂਗਰਸ ਹਕੂਮਤ ਵੱਲੋਂ 1984 ਵਿਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ’ਤੇ ਕੀਤੇ ਹਮਲੇ ਨੇ ਸਿੱਖ ਕੌਮ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ, ਜੋ ਸਿੱਖ ਕਦੇ ਵੀ ਭੁਲਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਮਗਰੋਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ ਅਤੇ ਹਮੇਸ਼ਾ ਰਹੇਗਾ। ਇਸੇ ਦੌਰਾਨ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ।