ਧੂਰੀ (ਸੰਗਰੂਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਤਰਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ 29 ਅਕਤੂਬਰ, 2025 ਨੂੰ ਪਿੰਡ ਬਰੜਵਾਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਇਨ੍ਹਾਂ ਸ਼ਰਧਾਲੂਆਂ ਦੀ ਚੋਣ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਨਿਮਰ ਪਹਿਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ।
ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਮੁਫ਼ਤ ਠਹਿਰ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਗਿਆ ਹੈ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈਡੀ ਕਾਰਡ ਲਾਜ਼ਮੀ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਏਸੀ ਬੱਸਾਂ, ਏਸੀ ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਬੱਸ ਵਿੱਚ ਯਾਤਰੀਆਂ ਦੀ ਸਹਾਇਤਾ ਲਈ ਇੱਕ ਸਹਾਇਕ ਹੋਵੇਗਾ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮੈਡੀਕਲ ਟੀਮ ਵੀ ਸ਼ਰਧਾਲੂਆਂ ਦੇ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਦੀ ਸਮਾਪਤੀ ਤੋਂ ਬਾਅਦ, ਸਾਰੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵੀ-ਦੇਵਤਿਆਂ, ਸੰਤਾਂ-ਪੀਰਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਸਾਂਝ ਅਤੇ ਏਕਤਾ ਦਾ ਸੰਦੇਸ਼ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਇਸ ਨੇਕ ਕਾਰਜ ਰਾਹੀਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਾਨ ਗੁਰੂ ਸਾਹਿਬਾਨ, ਜਿਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ, ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਅਨੁਸਾਰ ਉਲੀਕੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਮਾਜ ਦਾ ਇੱਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਕਰਕੇ ਦੇਸ਼ ਭਰ ਵਿੱਚ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਿਆ।