ਅੰਮ੍ਰਿਤਸਰ, 3 ਮਈ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ ਕਰਕੇ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਪੁਲਿਸ ਨੇ 7 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ 2 ਗਲੌਕ 9mm (ਆਸਟ੍ਰੀਆ ਵਿੱਚ ਬਣੇ), 4 .30 ਬੋਰ (ਚੀਨ ਵਿੱਚ ਬਣੇ) ਅਤੇ 1 ਹੋਰ .30 ਬੋਰ ਪਿਸਤੌਲ ਸ਼ਾਮਲ ਹੈ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਜ਼ਰੀਏ ਪਾਕਿਸਤਾਨ ਆਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਮੰਗਵਾ ਕੇ ਅਪਰਾਧਿਕ ਗਰੁੱਪਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ।
ਇਸ ਮਾਮਲੇ ਵਿੱਚ ਥਾਣਾ ਕੈਂਟ, ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਤਹਿਤ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਅਤੇ ਨੈੱਟਵਰਕ ਦੇ ਹੋਰ ਸੰਬੰਧਾਂ ਦੀ ਜਾਂਚ ਜਾਰੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ, ਸਰਹੱਦ ਪਾਰ ਤਸਕਰੀ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਪ੍ਰਤੀ ਵਚਨਬੱਧ ਹੈ।