*ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ ਕੇਂਦਰ ਸਰਕਾਰ*
*ਪੰਜਾਬ ਸਰਕਾਰ ਉੱਘੇ ਵਕੀਲਾਂ ਦੀ ਸਲਾਹ ਨਾਲ ਸਾਰੇ ਕਾਨੂੰਨੀ ਰਾਹ ਤਲਾਸ਼ੇਗੀ*
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਹਥਕੰਡੇ ਵਰਤਣ ਲਈ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਲਈ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ।
ਮੁੱਖ ਮੰਤਰੀ ਨੇ ਕਿਹਾ, "ਪੰਜਾਬੀ ਤੁਹਾਡੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਹ ਇਸ ਮੁੱਦੇ 'ਤੇ ਸਿਰਫ਼ ਸ਼ਬਦਾਂ ਦੀ ਹੇਰਾਫੇਰੀ ਵਾਲੇ ਪੱਤਰਾਂ ਨਾਲ ਆਪਣੇ ਸੰਘਰਸ਼ ਤੋਂ ਨਹੀਂ ਭਟਕਣਗੇ ਅਤੇ ਜਦੋਂ ਤੱਕ ਪੰਜਾਬ ਯੂਨੀਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਟਿਕ ਕੇ ਨਹੀਂ ਬੈਠਣਗੇ।"
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰਨ ਦੇ ਕੇਂਦਰ ਦੇ ਫੈਸਲੇ ਵਿਰੁੱਧ ਸਾਰੇ ਕਾਨੂੰਨੀ ਰਾਹ ਤਲਾਸ਼ੇਗੀ, ਜਿਸ ਵਿੱਚ ਉੱਘੇ ਕਾਨੂੰਨਦਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਕਦਮ ਨੂੰ ਸਥਾਪਿਤ ਨਿਯਮਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਖੇਤਰ ਦੇ ਉੱਚ ਸਿੱਖਿਆ ਦੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਪ੍ਰਸਿੱਧ ਸੰਸਥਾਨਾਂ ਵਿੱਚੋਂ ਇੱਕ ਇਸ ਯੂਨੀਵਰਸਿਟੀ ਦੇ ਲੋਕਤੰਤਰੀ ਅਤੇ ਖੁਦਮੁਖਤਿਆਰੀ 'ਤੇ ਸਿੱਧਾ ਹਮਲਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੈਨੇਟ ਅਤੇ ਸਿੰਡੀਕੇਟ ਵਰਗੀਆਂ ਪ੍ਰਤੀਨਿਧ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਈ ਵੀ ਕੋਸ਼ਿਸ਼ ਅਕਾਦਮਿਕ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਅਤੇ ਭਾਈਵਾਲੀ ਦੀ ਅਣਦੇਖੀ ਕਰਨ ਦੇ ਬਰਾਬਰ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਰਫ਼ ਇੱਕ ਕਾਨੂੰਨੀ ਲੜਾਈ ਨਹੀਂ ਹੈ, ਸਗੋਂ ਪੰਜਾਬ ਯੂਨੀਵਰਸਿਟੀ 'ਤੇ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਦੇ ਕੰਮਕਾਜ ਵਿੱਚ ਆਪਣੇ ਹਿੱਸੇ, ਅਧਿਕਾਰਾਂ ਜਾਂ ਭਾਗੀਦਾਰੀ ਨੂੰ ਕਿਸੇ ਵੀ ਢੰਗ ਨਾਲ ਘਟਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਵਿਦਿਅਕ ਸੰਸਥਾਵਾਂ ਦੀ ਖੁਦਮੁਖਤਿਆਰੀ ਅਤੇ ਮਾਣ-ਸਨਮਾਨ ਪ੍ਰਤੀ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਮਨਮਾਨੇ ਫੈਸਲਿਆਂ ਦਾ ਵਿਰੋਧ ਕਰਨ ਲਈ ਸੂਬੇ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਉਨ੍ਹਾਂ ਦੁਹਰਾਇਆ ਕਿ 1947 ਵਿੱਚ ਦੇਸ਼ ਦੀ ਵੰਡ ਤੋਂ ਬਾਅਦ ਲਾਹੌਰ ਵਿਖੇ ਆਪਣੀ ਮੁੱਖ ਯੂਨੀਵਰਸਿਟੀ ਨੂੰ ਗੁਆਉਣ ਦੇ ਨੁਕਸਾਨ ਦੀ ਭਰਪਾਈ ਲਈ ਪੰਜਾਬ ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਯੂਨੀਵਰਸਿਟੀ ਐਕਟ, 1947 (1947 ਦਾ ਐਕਟ VII) ਅਧੀਨ ਕੀਤੀ ਗਈ ਸੀ। ਭਗਵੰਤ ਸਿੰਘ ਨੇ ਕਿਹਾ ਕਿ 1966 ਵਿੱਚ ਰਾਜ ਦੀ ਵੰਡ ਤੋਂ ਬਾਅਦ, ਪੰਜਾਬ ਪੁਨਰਗਠਨ ਐਕਟ 1966 ਨੇ ਇਸਦੇ ਵਜੂਦ ਨੂੰ ਕਾਇਮ ਰੱਖਿਆ, ਜਿਸ ਦਾ ਅਰਥ ਸੀ ਕਿ ਯੂਨੀਵਰਸਿਟੀ ਪਹਿਲਾਂ ਵਾਂਗ ਕੰਮ ਕਰਦੀ ਰਹੇਗੀ ਅਤੇ ਮੌਜੂਦਾ ਪੰਜਾਬ ਰਾਜ ਵਿੱਚ ਸ਼ਾਮਲ ਖੇਤਰਾਂ ਉੱਤੇ ਇਸਦਾ ਅਧਿਕਾਰ ਖੇਤਰ ਇਸੇ ਤਰ੍ਹਾਂ ਕਾਇਮ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਦੋਂ ਤੋਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਤਰਕਹੀਣ ਫੈਸਲੇ ਨੇ ਨਾ ਸਿਰਫ਼ ਸਬੰਧਤ ਭਾਈਵਾਲਾਂ ਨੂੰ ਨਿਰਾਸ਼ ਕੀਤਾ ਹੈ, ਸਗੋਂ ਇਹ ਕਿਸੇ ਵੀ ਚੰਗੇ ਸ਼ਾਸਨ ਅਤੇ ਕਾਨੂੰਨ ਦੇ ਸਿਧਾਂਤਾਂ ਦੇ ਵਿਰੁੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਅਧਿਆਪਕਾਂ, ਪੇਸ਼ੇਵਰਾਂ, ਤਕਨੀਕੀ ਮੈਂਬਰਾਂ, ਯੂਨੀਵਰਸਿਟੀ ਦੇ ਗ੍ਰੈਜੂਏਟਾਂ ਅਤੇ ਹੋਰਾਂ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਯੂਨੀਵਰਸਿਟੀ ਦੇ ਦਰਜੇ ਵਿੱਚ ਕਿਸੇ ਵੀ ਤਬਦੀਲੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਅਜਿਹੇ ਕਿਸੇ ਵੀ ਕਦਮ ਦਾ ਸਖ਼ਤ ਵਿਰੋਧ ਕਰੇਗੀ।