ਅੰਮ੍ਰਿਤਸਰ, 10 ਸਤੰਬਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ 12 ਸਤੰਬਰ 2026 ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਦੇ ਭੋਗ 12 ਸਤੰਬਰ ਪੈਣਗੇ। ਉਨ੍ਹਾਂ ਦੱਸਿਆ ਕਿ 11 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ, ਗੁਰ-ਇਤਿਹਾਸ ਨਾਲ ਜੋੜਨਗੇ। 12 ਸਤੰਬਰ ਨੂੰ ਪੁਰਾਤਨ ਪ੍ਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੰਘ ਸਾਹਿਬਾਨ ਤੇ ਪ੍ਰਮੁੱਖ ਸਖਸੀਅਤਾਂ ਹਾਜਰੀ ਭਰਨਗੀਆਂ।
ਉਨ੍ਹਾਂ ਦੱਸਿਆ ਕਿ 12 ਸਤੰਬਰ ਨੂੰ ਪਹਿਲੇ ਪ੍ਰਕਾਸ਼ ਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਜਾਣਗੇ ਅਤੇ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਬਦ ਵਿਚਾਰ ਕੀਰਤਨ ਸਮਾਗਮ ਹੋਵੇਗਾ। ਇਸੇ ਤਰ੍ਹਾਂ ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ। ਸ. ਮੇਜਰ ਸਿੰਘ ਨੇ ਦੱਸਿਆ ਕਿ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਖ਼ੂਬਸੂਰਤ ਸਜਾਵਟ ਕੀਤੀ ਜਾ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮਾਂ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।