- ਗੈਂਗਸਟਰਾਂ ਤੋਂ ਲੈ ਕੇ ਨਸ਼ਾ ਤਸਕਰਾਂ ਤੱਕ ਨੂੰ ਪੁਲਿਸ ਅਤੇ ਸਰਕਾਰ ਦੀ ਮਿਲ ਰਹੀ ਸਰਪ੍ਰਸਤੀ: ਸਚਿਨ ਪਾਇਲਟ
- ਤੇਜਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਇਨਸਾਫ਼ ਦੀ ਲੜਾਈ ਵਿੱਚ ਹਰ ਕਦਮ ’ਤੇ ਨਾਲ ਖੜ੍ਹਨ ਦਾ ਦਿੱਤਾ ਭਰੋਸਾ
ਲੁਧਿਆਣਾ, 17 ਅਕਤੂਬਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਅੱਜ ਲੁਧਿਆਣਾ ਦੇ ਗਿੱਦੜਵਿੰਡੀ ਅਤੇ ਜਗਰਾਉਂ ਵਿਖੇ 31 ਅਕਤੂਬਰ, 2025 ਨੂੰ ਕਤਲ ਕੀਤੇ ਗਏ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਇਨਸਾਫ਼ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਯਤਨ ਕਰੇਗੀ।
ਇਸ ਮੌਕੇ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਆਪਣੇ ਜੀਅ ਨੂੰ ਇਸ ਤਰ੍ਹਾਂ ਗੁਆਉਣਾ ਬੇਹੱਦ ਦੁਖਦਾਈ ਹੈ। ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।
ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪਰਗਟ ਸਿੰਘ ਅਤੇ ਸਚਿਨ ਪਾਇਲਟ ਨੇ ਕਿਹਾ ਕਿ ਸੂਬੇ ਵਿੱਚ ਲਗਾਤਾਰ ਸਾਹਮਣੇ ਆ ਰਹੀਆਂ ਕਤਲ ਦੀਆਂ ਘਟਨਾਵਾਂ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕਰ ਦਿੱਤਾ ਹੈ। ਤੇਜਪਾਲ ਸਿੰਘ ਤੋਂ ਲੈ ਕੇ ਪਰਵਿੰਦਰ ਸਿੰਘ ਝੋਟਾ ਤੱਕ ਦੇ ਮਾਮਲੇ ਪੰਜਾਬ ਸਰਕਾਰ ਦੀ ਜਵਾਬਦੇਹੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ।
ਆਗੂਆਂ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸੂਬੇ ਵਿੱਚ ਕਾਨੂੰਨ-ਵਿਵਸਥਾ ਦਾ ਪੂਰੀ ਤਰ੍ਹਾਂ ਭੱਠਾ ਬਿਠਾ ਦਿੱਤਾ ਹੈ। ਪੁਲਿਸ ਅਤੇ ਸਰਕਾਰ ਵੱਲੋਂ ਗੈਂਗਸਟਰਾਂ ਤੋਂ ਲੈ ਕੇ ਨਸ਼ਾ ਤਸਕਰਾਂ ਤੱਕ ਨੂੰ ਸਰਪ੍ਰਸਤੀ ਦਿੱਤੀ ਜਾ ਰਹੀ ਹੈ। ਪੰਜਾਬ ਨੂੰ ਇੱਕ ‘ਪੁਲਿਸ ਸਟੇਟ’ ਵਿੱਚ ਬਦਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਡਰ ਅਤੇ ਦਹਿਸ਼ਤ ਦੇ ਮਾਹੌਲ ਦੀ ਨਹੀਂ, ਸਗੋਂ ਸੁਰੱਖਿਆ, ਨਿਆਂ ਅਤੇ ਕਾਨੂੰਨ ਦੇ ਰਾਜ ਦੀ ਲੋੜ ਹੈ।
ਇਸ ਮੌਕੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਲਵੀ, ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਭਾਰਤ ਭੂੁਸ਼ਣ ਆਸ਼ੂ ਅਤੇ ਵਿਜੈ ਇੰਦਰ ਸਿੰਗਲਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ।