- ਗ੍ਰਾਮ ਪੰਚਾਇਤਾਂ ਨੂੰ ਵੱਧ ਤੋਂ ਵੱਧ ਬੇਰੁਜ਼ਗਾਰ ਪੇਂਡੂ ਮਜ਼ਦੂਰਾਂ ਨੂੰ ਰੁਜ਼ਗਾਰ ਨਾਲ ਜੋੜਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ
- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਪਿੰਡ ਮੌਜਪੁਰ ਵਿਖੇ ਗ੍ਰਾਮ ਸਭਾ ਨੂੰ ਕੀਤਾ ਸੰਬੋਧਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੁਲਾਈ (ਹਰਜਿੰਦਰ ਸਿੰਘ ਭੱਟੀ): ਵਿਕਸਿਤ ਭਾਰਤ-ਗਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਸਕੀਮ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦਾ ਆਯੋਜਨ ਕੀਤਾ ਗਿਆ। ਗ੍ਰਾਮ ਸਭਾਵਾਂ ਦੌਰਾਨ ਗ੍ਰਾਮ ਪੰਚਾਇਤਾਂ ਨੂੰ ਬੇਰੁਜ਼ਗਾਰ ਪੇਂਡੂ ਮਜ਼ਦੂਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਅਤੇ ਉਨ੍ਹਾਂ ਨੂੰ ਤੁਰੰਤ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ।
ਪਿੰਡ ਮੌਜਪੁਰ ਵਿਖੇ ਗ੍ਰਾਮ ਸਭਾ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਕਿਹਾ ਕਿ ਗ੍ਰਾਮ ਰੋਜ਼ਗਾਰ ਸੇਵਕਾਂ ਦੀ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਸਰਕਾਰ ਵੱਲੋਂ ਨਵੇਂ ਜੌਬ ਕਾਰਡ ਬਣਾਉਣ, ਮਸਟਰ ਰੋਲ ਜਾਰੀ ਕਰਨ ਅਤੇ ਸਕੀਮ ਨਾਲ ਸਬੰਧਤ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੋਰ ਸਕੀਮਾਂ ਦੇ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀਮਤੀ ਪਰਮਬੀਰ ਕੌਰ ਬਰਾੜ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਮੋਹਾਲੀ ਧਨਵੰਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਉਨ੍ਹਾਂ ਗ੍ਰਾਮ ਪੰਚਾਇਤਾਂ ਨੂੰ ਮੇਟਾਂ ਅਤੇ ਮਨਰੇਗਾ ਮਜ਼ਦੂਰਾਂ ਨੂੰ ਤੁਰੰਤ ਕੰਮ ਸ਼ੁਰੂ ਕਰਵਾਉਣ ਲਈ ਮਾਰਗਦਰਸ਼ਨ ਕਰਨ ਅਤੇ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਸਟਰ ਰੋਲ ਬਿਨਾਂ ਦੇਰੀ ਜਾਰੀ ਕੀਤੇ ਜਾਣ ਅਤੇ ਮੇਟਾਂ ਰਾਹੀਂ ਸਾਰੇ ਮਜ਼ਦੂਰਾਂ ਦੀ ਹਾਜ਼ਰੀ ਦਾ ਸਹੀ ਢੰਗ ਨਾਲ ਸਤਿਆਪਨ ਕਰਕੇ ਦਰਜ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਘੱਟੋ-ਘੱਟ ਦੋ ਕੰਮਾਂ ਨਾਲ ਸ਼ੁਰੂਆਤ ਕਰਦਿਆਂ ਘੱਟੋ-ਘੱਟ 20 ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ। ਸਥਾਨਕ ਲੋੜ ਅਤੇ ਕੰਮਾਂ ਦੀ ਉਪਲਬਧਤਾ ਦੇ ਆਧਾਰ 'ਤੇ ਇਸ ਗਿਣਤੀ ਨੂੰ ਅਗਲੇ ਦਿਨਾਂ ਵਿੱਚ ਵਧਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਪੇਂਡੂ ਮਜ਼ਦੂਰਾਂ ਨੂੰ ਰੁਜ਼ਗਾਰ ਮਿਲ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੀਮ ਤਹਿਤ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਦੀ ਮਟੀਰੀਅਲ ਪੇਮੈਂਟ ਵੀ ਨਾਲੋ-ਨਾਲ ਕੀਤੀ ਜਾਵੇਗੀ, ਕਿਉਂਕਿ ਭਾਰਤ ਸਰਕਾਰ ਵੱਲੋਂ ਇਸ ਲਈ ਪਹਿਲਾਂ ਹੀ ਅਗਾਊਂ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਸਕੀਮ ਅਧੀਨ ਪਹਿਲਾਂ ਤੋਂ ਚੱਲ ਰਹੇ ਅਧੂਰੇ ਕੰਮਾਂ ਨੂੰ ਮੁਕੰਮਲ ਕਰਨ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀ.ਐੱਮ.ਏ.ਵਾਈ.) ਨਾਲ ਸਬੰਧਤ ਕੰਮਾਂ, ਪੌਦੇ ਲਗਾਉਣ, ਸਿੰਚਾਈ ਚੈਨਲਾਂ ਅਤੇ ਖਾਲਿਆਂ ਦੀ ਉਸਾਰੀ ਸਮੇਤ ਹੋਰ ਮਨਜ਼ੂਰਸ਼ੁਦਾ ਪੱਕੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇ। ਇਸ ਤੋਂ ਇਲਾਵਾ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਪੰਚਾਇਤ ਭਵਨਾਂ ਨਾਲ ਸਬੰਧਤ ਕੰਮਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਨੇਪਰੇ ਚਾੜ੍ਹਿਆ ਜਾਵੇ।
ਉਨ੍ਹਾਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੂਰਾ ਸਹਿਯੋਗ ਦੇਣ, ਮਜ਼ਦੂਰਾਂ ਨੂੰ ਕੰਮ ਲਈ ਪ੍ਰੇਰਿਤ ਕਰਨ, ਰਜਿਸਟ੍ਰੇਸ਼ਨ ਮੁਹਿੰਮ ਨੂੰ ਸਫ਼ਲ ਬਣਾਉਣ ਅਤੇ ਰੁਜ਼ਗਾਰ ਪੈਦਾ ਕਰਨ ਵਾਲੇ ਕੰਮ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕਰਵਾਉਣ ਤਾਂ ਜੋ ਵਿਕਸਿਤ ਭਾਰਤ-ਗਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਸਕੀਮ (ਪਹਿਲਾਂ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਰੁਜ਼ਗਾਰ ਗਰੰਟੀ ਸਕੀਮ) ਅਧੀਨ ਰਜਿਸਟਰਡ ਮਜ਼ਦੂਰਾਂ ਦੇ ਹਿੱਤ ਪੂਰੀ ਤਰ੍ਹਾਂ ਸੁਰੱਖਿਅਤ ਰਹਿ ਸਕਣ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਕੀਮ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂਬੱਧ ਢੰਗ ਨਾਲ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ, ਸਬੰਧਤ ਵਿਭਾਗਾਂ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਯੋਗ ਪੇਂਡੂ ਪਰਿਵਾਰਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।
ਇਸ ਮੌਕੇ ਪਿੰਡ ਦੀ ਸਰਪੰਚ ਸ੍ਰੀਮਤੀ ਸੰਦੀਪ ਕੌਰ, ਸਮੂਹ ਪੰਚਾਇਤ ਮੈਂਬਰ, ਸਕੀਮ ਅਧੀਨ ਕੰਮ ਕਰ ਰਹੇ ਮਜ਼ਦੂਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਗ੍ਰਾਮ ਸਭਾ ਦੌਰਾਨ ਪਿੰਡ ਦੇ ਵਿਕਾਸ ਨਾਲ ਸਬੰਧਤ ਸੁਝਾਅ ਵੀ ਪ੍ਰਾਪਤ ਕੀਤੇ ਗਏ ਅਤੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ 'ਤੇ ਅਮਲ ਵਿੱਚ ਲਿਆਉਣ ਦਾ ਭਰੋਸਾ ਦਿੱਤਾ ਗਿਆ।