Saturday, August 15, 2026

Punjab

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

ਪੰਜਾਬ ਨਿਊਜ਼ ਐਕਸਪ੍ਰੈੱਸ | August 15, 2026 07:24 PM

- *ਪੰਜਾਬ ਸਰਕਾਰ ਸ਼ਹੀਦਾਂ ਵਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ*
- *ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ*
- *ਰਾਜ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਾਂਝੇ ਹੰਭਲਿਆਂ ਦੀ ਲੋੜ ’ਤੇ ਜ਼ੋਰ*
- *ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਨੇ ਸਿੱਖਿਆ ਤੇ ਸਿਹਤ ਖੇਤਰ ਦੇ ਨਕਸ਼ੇ ’ਤੇ ਅਹਿਮ ਥਾਂ ਬਣਾਈ*
- *ਐਨ.ਆਰ.ਆਈ. ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ*
- *ਕੈਬਨਿਟ ਮੰਤਰੀ ਵਲੋਂ ਸੋਮਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੂਹ ਸਕੂਲਾਂ ’ਚ ਛੁੱਟੀ ਦਾ ਐਲਾਨ*

ਚੰਡੀਗੜ੍ਹ/ਹੁਸ਼ਿਆਰਪੁਰ, 15 ਅਗਸਤ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ 80ਵੇਂ ਆਜ਼ਾਦੀ ਦਿਹਾੜੀ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਸਾਂਝੇ ਹੰਭਲੇ ਮਾਰਨੇ ਚਾਹੀਦੇ ਹਨ ਜਿਸ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਦੇਸ਼ ਦੇ ਮਹਾਨ ਸ਼ਹੀਦਾਂ ਵਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।

ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦੇ ਨਿਰੀਖਣ ਉਪਰੰਤ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਰ ਖੇਤਰ ਅਤੇ ਹਰ ਵਰਗ ਲਈ ਲਾਮਿਸਾਲ ਵਿਕਾਸ ਅਤੇ ਭਲਾਈ ਦੇ ਕਾਰਜਾਂ ਨੂੰ ਅਮਲੀਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਦੇਸ਼ ਅੰਦਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ ਜਿਸ ਕਰਕੇ ਪੰਜਾਬ ਦੇਸ਼ ਅੰਦਰ ਸਿੱਖਿਆ ਅਤੇ ਸਿਹਤ ਖੇਤਰ ਦੇ ਨਕਸ਼ੇ ’ਤੇ ਵਿਸ਼ੇਸ਼ ਥਾਂ ਰੱਖਦਾ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇ ਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਨੇ ਦੇਸ਼ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਆਜ਼ਾਦੀ ਲਈ ਲੜੇ ਗਏ ਘੋਲ ਵਿਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ।

ਪੰਜਾਬ ਸਰਕਾਰ ਵਲੋਂ ਬੀਤੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗਰੇਸ਼ੀਆ ਦੀ ਰਾਸ਼ੀ 50 ਲੱਖ ਰੁਪਏ ਤੋਂ ਵੱਧ ਕੇ ਇਕ ਕਰੋੜ ਰੁਪਏ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਅੰਦਰ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਰੁਪਏ ਤੋਂ ਵੱਧ ਕੇ 11000 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਸਨਮਾਨ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ ਰਾਜ ਅੰਦਰ 74 ਲੱਖ 59 ਹਜ਼ਾਰ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿਚ 2274.42 ਕਰੋੜ ਰੁਪਏ ਦੀ ਵਿੱਤੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਪਿਛਲੇ ਚਾਰ ਸਾਲਾਂ ਦੌਰਾਨ 28734 ਸਵੈ-ਸਹਾਇਤਾ ਗਰੁੱਪ ਬਣੇ ਹਨ ਜਿਨ੍ਹਾਂ ਰਾਹੀਂ ਲਗਭਗ 3 ਲੱਖ ਔਰਤਾਂ ਨੂੰ ਸਵੈ-ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵੀ ਪੂਰੀ ਤਰ੍ਹਾਂ ਬਰਕਰਾਰ ਹੈ। ਆਸ਼ੀਰਵਾਦ ਸਕੀਮ ਤਹਿਤ 51, 000 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਸਾਲ 2025-26 ਦੌਰਾਨ 62 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਨੂੰ 318.32 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਕਰਵਾਈ ਗਈ ਹੈ।

ਮੁੱਖ ਮੰਤਰੀ ਮੇਰੀ ਰਸੋਈ ਯੋਜਨਾ ਬਾਰੇ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ 2800 ਨਵੇਂ ਡੀਪੂ ਹੋਲਡਰਾਂ ਨੂੰ ਲਾਇਸੰਸ ਸੌਂਪੇ ਗਏ ਹਨ ਅਤੇ ਨਵੇਂ ਰਾਸ਼ਨ ਡੀਪੂਆਂ ਨਾਲ ਰਾਸ਼ਨ ਕਾਰਡ ਧਾਰਕਾਂ ਨੂੰ ਹੁਣ ਲੰਬੀ ਦੂਰੀ ਤੈਅ ਨਹੀਂ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿਹਾ ਕਿ ਮੇਰੀ ਰਸੋਈ ਯੋਜਨਾ ਤਹਿਤ ਰਾਸ਼ਨ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਵਿਚ ਰਸੋਈ ਦਾ ਲੋੜੀਂਦਾ ਸਾਮਾਨ ਉਪਲਬੱਧ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇਣ ਦੇ ਨਾਲ-ਨਾਲ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਵੀ ਲਾਭ ਲੋਕਾਂ ਤੱਕ ਪਹੁੰਚਾ ਰਹੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 900 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਰਾਜ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਇਸ ਅਲਾਮਤ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸੜਕ ਸੁਰੱਖਿਆ ਫੋਰਸ ਵਲੋਂ 25 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਮੌਕੇ ’ਤੇ ਮੁੱਢਲੀ ਸਹਾਇਤਾ ਪ੍ਰਦਾਨ ਕਰਕੇ ਬਚਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਵਾਰ ਸਰਕਾਰੀ ਸਕੂਲਾਂ ਦੇ 361 ਵਿਦਿਆਰਥੀਆਂ ਨੇ ਜੇ.ਏ.ਈ. ਮੇਨ ਅਤੇ 64 ਵਿਦਿਆਰਥੀਆਂ ਜੇ.ਈ.ਈ. ਪ੍ਰਾਇਮਰੀ, 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਵਿਚ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਆਵਾਜਾਈ ਹਰ ਖੇਤਰ ਦੀ ਤਰੱਕੀ ਲਈ ਬੇਹੱਦ ਕਾਰਗਰ ਹੁੰਦੀ ਹੈ ਅਤੇ ਲੋਕ ਨਿਰਮਾਣ ਵਿਭਾਗ ਨੇ ਸੂਬੇ ਵਿਚ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 1279 ਨਵੀਂਆਂ ਬੱਸਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਸਰਕਾਰੀ ਬੱਸਾਂ ਦੀ ਗਿਣਤੀ ਵੱਧ ਕੇ 3546 ਹੋ ਜਾਵੇਗੀ ਜੋ ਪਿਛਲੇ ਦੋ ਦਹਾਕਿਆਂ ਵਿਚ ਸਭ ਤੋਂ ਵੱਡਾ ਵਾਧਾ ਹੈ।

ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਪੀਲ ’ਤੇ ਇਸ ਵਾਰ 2670 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ 5 ਲੱਖ ਰੁਪਏ ਦੀ ਗਰਾਂਟ ਦੇ ਹਿਸਾਬ ਨਾਲ 133 ਕਰੋੜ ਰੁਪਏ ਤੋਂ ਵੱਧ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਘਰਾਂ ਨੇੜੇ ਹੀ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ 437 ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਲੋਕ 1076 ’ਤੇ ਕਾਲ ਕਰਕੇ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ’ਈਜ਼ੀ ਰਜਿਸਟਰੀ’ ਪ੍ਰੋਜੈਕਟ ਰਾਹੀਂ ਪਾਰਦਰਸ਼ੀ ਢੰਗ ਨਾਲ ਹੁਣ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵੱਖ-ਵੱਖ ਸੁਧਾਰਾਂ ਤਹਿਤ ਜੇਲ੍ਹਾਂ ਨੂੰ ਸਿਰਫ਼ ਸਜਾ ਦੇਣ ਵਾਲੀਆਂ ਥਾਵਾਂ ਨਹੀਂ ਸਗੋਂ ਸੁਰੱਖਿਆ, ਆਧੁਨਿਕ ਅਤੇ ਸੁਧਾਰ ਤੇ ਪੁਨਰਵਾਸ ਦੇ ਕੇਂਦਰਾਂ ਵਜੋਂ ਵਿਕਸਿਤ ਕਰਨ ਦਾ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ 14 ਲੱਖ ਖੇਤੀ ਟਿਊਬਵੈਲਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਤਹਿਤ ਸਾਲ 2025-26 ਦੌਰਾਨ 9992 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਝੋਨੇ ਸੀਜ਼ਨ ਦੌਰਾਨ 8 ਘੰਟਿਆਂ ਤੋਂ ਵੱਧ ਸਮੇਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਅੰਦਰ 60.30 ਲੱਖ ਏਕੜ ਲਈ ਨਹਿਰੀ ਪਾਣੀ ਰਾਹੀਂ ਸਿੰਚਾਈ ਦੀ ਵਿਵਸਥਾ ਕੀਤੀ ਹੈ ਜਿਸ ’ਤੇ 7200 ਕਰੋੜ ਰੁਪਏ ਖਰਚੇ ਗਏ ਹਨ।

ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਐਨ.ਆਰ.ਆਈ. ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਆਪਣੀਆਂ ਸਮੱਸਿਆਵਾ ਵਟਸਐਪ ਨੰਬਰ 90560-09884 ’ਤੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨੂੰ ਆਲਲਾਈਨ ਸਿਸਟਮ ਰਾਹੀਂ ਹੁਣ ਤੱਕ 21103 ਦਸਤਾਵੇਜ਼ਾਂ ਨੂੰ ਕਾਊਂਟਰ ਸਾਈਨ ਕੀਤਾ ਗਿਆ ਹੈ।

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ :

ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲਾਮਿਸਾਲ ਢੰਗ ਨਾਲ ਮਨਾਇਆ ਜਾਵੇਗਾ ਜਿਸ ਲਈ 100 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੋਈ ਲੋਕ ਭਾਵਨਾਵਾਂ ਦੇ ਅਨੁਕੂਲ ਵੱਖ-ਵੱਖ ਧਾਰਮਿਕ ਪ੍ਰੋਗਰਾਮ ਕਰਵਾ ਰਹੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਵਿਚ 650 ਏਕੜ ਜ਼ਮੀਨ ਉਤੇ ਗੁਰੂ ਜੀ ਦੇ ਨਾਂ ’ਤੇ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਜ਼ਿਲ੍ਹੇ ਵਿਚ ਸਾਢੇ 6 ਲੱਖ ਬੂਟੇ ਲਾਉਣ ਅਤੇ ਸਾਢੇ 6 ਲੱਖ ਯਾਦਗਾਰੀ ਝੰਡੇ ਵੰਡਣ ਦੀ ਮੁਹਿੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਚ 53 ਨਾਨਕ ਬਗੀਚੀਆਂ, 6 ਪਵਿੱਤਰ ਵਣ ਅਤੇ ਸੜਕਾਂ ਦੇ ਕਿਨਾਰੇ ਲਗਭਗ 5 ਹਜ਼ਾਰ ਬੂਟੇ ਲਾਏ ਜਾ ਰਹੇ ਹਨ।

ਸੋਮਵਾਰ ਨੂੰ ਜ਼ਿਲ੍ਹੇ ਦੇ ਸਕੂਲਾਂ ’ਚ ਰਹੇਗੀ ਛੁੱਟੀ :

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ’ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਸੋਮਵਾਰ (17 ਅਗਸਤ) ਨੂੰ ਛੁੱਟੀ ਦਾ ਐਲਾਨ ਕੀਤਾ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਕੁਲਵੰਤ ਸਿੰਘ ਸਮੇਤ ਜਿਪਸੀ ਵਿਚ ਸਵਾਰ ਹੋ ਕੇ ਪਰੇਡ ਦਾ ਨਿਰੀਖਣ ਕੀਤਾ। ਪਰੇਡ ਕਮਾਂਡਰ ਡੀ.ਐਸ.ਪੀ. ਕੁਲਵੰਤ ਸਿੰਘ ਅਤੇ ਸੈਕੰਡ-ਇਨ-ਕਮਾਂਡ ਇੰਸਪੈਕਟਰ ਜਸਵੀਰ ਕੌਰ ਦੀ ਅਗਵਾਈ ਵਿਚ ਪਰੇਡ ਵਿਚ ਸ਼ਾਮਲ ਪੰਜਾਬ ਪੁਲਿਸ ਦੇ ਜਵਾਨਾਂ, ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਮਹਿਲਾ ਵਿੰਗ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. 12 ਪੰਜਾਬ ਬਟਾਲੀਅਨ, ਗਰਲਜ਼ ਗਾਈਡਜ਼, ਸਕਾਊਟਸ ਦੀਆਂ ਟੁਕੜੀਆਂ ਅਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਦਾ ਬੈਂਡ ਮਾਰਚ ਪਾਸਟ ਵਿਚ ਸ਼ਾਮਲ ਸੀ।

ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਵਿਧਾਇਕ ਡਾ. ਇਸ਼ਾਂਕ ਕੁਮਾਰ, ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਬੈਕਫਿੰਕੋ ਪੰਜਾਬ ਸੰਦੀਪ ਸੈਣੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਮਾਰਕਿਟ ਕਮੇਟੀ ਹੁਸ਼ਿਆਰਪੁਰ ਜਸਪਾਲ ਸਿੰਘ ਚੇਚੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਸੰਦੀਪ ਚੇਚੀ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅੱਗਰਵਾਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਅਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਜ਼ਮੀਨੀ ਵਿਵਾਦ ਵਿੱਚ ਦੋ ਧਿਰਾਂ ਵਿਚਾਲੇ ਚੱਲੀ ਗੋਲੀ: ਦੋ ਦੀ ਮੌਤ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਉਪ ਰਾਜਪਾਲ ਟੀ.ਐਸ. ਸੰਧੂ ਨੇ ਸੁਰੱਖਿਆ ਅਤੇ ਨਾਗਰਿਕ ਮਾਣ ਨਾਲ 'ਵਿਕਸਤ ਦਿੱਲੀ' ਬਣਾਉਣ ਦਾ ਸੱਦਾ ਦਿੱਤਾ

ਗਵਰਨਰ ਹਾਊਸ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਨੇ ਦਾਗੇ ਅਥਰੂ ਗੈਸ ਦੇ ਗੋਲੇ ਤੇ ਛੱਡੀਆਂ ਪਾਣੀ ਦੀਆਂ ਬੁਛਾੜਾਂ

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਸੜਕ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ - CM ਮਾਨ

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਚੀਮਾ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ 'ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ

CM ਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

ITBP ਦੇ DIG ਦੀ ਸੜਕ ਹਾਦਸੇ 'ਚ ਮੌਤ