ਅੰਮ੍ਰਿਤਸਰ, 17 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਕਾਰਜਸ਼ੀਲ ਸ. ਮੋਹਣ ਸਿੰਘ ਦਾ ਅਨੈਤਿਕ ਮਾਮਲੇ ਵਿਚ ਨਾਂ ਆਉਣ ਕਰਕੇ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਸਾਹਮਣੇ ਆਈਆਂ ਖ਼ਬਰਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਮੀਡੀਆ ਰਾਹੀਂ ਸਾਹਮਣੇ ਆਈ ਜਾਣਕਾਰੀ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਸੇਵਾ ਨਿਭਾਅ ਰਹੇ ਸ. ਮੋਹਣ ਸਿੰਘ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਨਿਰਦੇਸ਼ ਅਨੁਸਾਰ ਦੋਹਾਂ ਮੁਲਾਜ਼ਮਾਂ ਨੂੰ ਸਰਵਿਸ ਤੋਂ ਮੁਅੱਤਲ ਕਰਕੇ ਡੂੰਘਾਈ ਨਾਲ ਪੜਤਾਲ ਲਈ ਫਲਾਇੰਗ ਵਿਭਾਗ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਿਸੇ ਵੀ ਅਜਿਹੇ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜਿਸ ਦਾ ਨਾਂ ਅਨੈਤਿਕ ਕੰਮਾਂ ਵਿਚ ਸ਼ਾਮਲ ਹੋਵੇ।