- ਸਿੱਖ ਸੰਗਤ ਨੂੰ ਗਿਆਸਪੁਰਾ ਨਾਲ ਮੇਲ-ਜੋਲ ਨਾ ਰੱਖਣ ਦੇ ਆਦੇਸ਼
ਅੰਮ੍ਰਿਤਸਰ, 16 ਅਕਤੂਬਰ: ਲੁਧਿਆਣਾ ਜ਼ਿਲ੍ਹੇ ਦੀ ਪਾਇਲ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਖ ਸੰਗਤ ਨੂੰ ਉਨ੍ਹਾਂ ਨਾਲ ਮੇਲ-ਜੋਲ ਨਾ ਰੱਖਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਇਹ ਫ਼ੈਸਲਾ 16 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਲਿਆ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ, ਗਿਆਸਪੁਰਾ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਵਿਰੁੱਧ ਜਾਤੀਗਤ ਵਿਤਕਰੇ ਦੇ ਕਥਿਤ ਝੂਠੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾਵਾਂ ਬਾਰੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਦੇ ਦੋਸ਼ ਹਨ।
ਆਦੇਸ਼ ਵਿੱਚ ਕਿਹਾ ਗਿਆ ਹੈ ਕਿ 12 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਅਤੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚੇ ਸਨ। ਉਸ ਸਮੇਂ ਪਹਿਲਾਂ ਜਾਰੀ ਕੀਤੇ ਆਦੇਸ਼ ਅਨੁਸਾਰ ਗਿਆਸਪੁਰਾ ਨੂੰ ਸਕੱਤਰੇਤ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੇਵਾਦਾਰਾਂ ’ਤੇ ਜਾਤੀਗਤ ਵਿਤਕਰੇ ਦੇ ਦੋਸ਼ ਲਗਾਏ।
16 ਅਕਤੂਬਰ ਨੂੰ ਸਕੱਤਰੇਤ ਪਹੁੰਚੇ ਵਿਧਾਇਕਾਂ ਦੇ ਵਫ਼ਦ ਨੇ ਵੀ ਮੰਨਿਆ ਕਿ ਗਿਆਸਪੁਰਾ ਨੇ ਜਾਣਬੁੱਝ ਕੇ ਜਾਤੀ ਦਾ ਮੁੱਦਾ ਬਣਾਇਆ, ਜਦਕਿ ਉਸ ਦਿਨ ਅਜਿਹੀ ਕੋਈ ਗੱਲ ਨਹੀਂ ਹੋਈ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਗਿਆਸਪੁਰਾ ਨੇ ਨਿੱਜੀ ਸਿਆਸੀ ਲਾਹੇ ਲਈ ਸਿੱਖ ਸਿਧਾਂਤਾਂ ਦੇ ਉਲਟ ਕਾਰਵਾਈ ਕੀਤੀ। ਉਨ੍ਹਾਂ ਦੇ ਬਿਆਨਾਂ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।