- ਸਿਖਲਾਈ ਉਪਰੰਤ ਦਿੱਤਾ ਜਾਵੇਗਾ 3500 ਰੁ ਵਜੀਫਾ
- ਸਿਖਲਾਈ ਉਪਰੰਤ ਡੇਅਰੀ ਕਰਜੇ ਤੇ ਦਿੱਤੀ ਜਾਵੇਗੀ 33 ਫੀਸਦੀ ਸਬਸਿਡੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ (ਹਰਜਿੰਦਰ ਸਿੰਘ ਭੱਟੀ): ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ ਐਸ.ਸੀ. ਲਾਭਪਾਤਰੀਆਂ ਨੂੰ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ ਮਿਤੀ 03-08-2026 ਤੋਂ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਹਰਵੰਤ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਐਸ.ਏ.ਐਸ. ਨਗਰ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜਿਨ੍ਹਾਂ ਦੀ ਉਮਰ 18 ਸਾਲ ਤੋਂ 55 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀਂ ਪਾਸ ਹੋਵੇ, ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦਾ ਹੋਵੇ। ਪੰਜਾਬ ਸਰਕਾਰ ਵੱਲੋ ਇਹ ਸਿਖਲਾਈ ਮੁਫ਼ਤ ਕਰਵਾਈ ਜਾ ਰਹੀ ਹੈ, ਜਿਸਦੀ ਕਿ ਕੋਈ ਵੀ ਫੀਸ ਨਹੀ ਹੈ। ਬਲਕਿ ਸਿਖਿਆਰਥੀਆਂ ਨੂੰ ਸਿਖਲਾਈ ਉਪਰੰਤ 3500 ਰੁਪਏ ਪ੍ਰਤੀ ਸਿਖਿਆਰਥੀ ਵਜੀਫਾ ਵੀ ਦਿੱਤਾ ਜਾਵੇਗਾ।
ਡੇਅਰੀ ਇੰਸਪੈਕਟਰ ਮਿਸ ਗੁਰਪ੍ਰੀਤ ਅਤੇ ਮਿਸ ਵਰਤਿਕਾ ਨੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਵਿਭਾਗ ਦੀਆ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾਂ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇਂ ਦੌਰਾਨ ਖੇਤੀ ਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਚਾਹਵਾਨ ਐਸ.ਸੀ ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜ਼ਿਲ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਅਰਜ਼ੀ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰਬਰ (7009982900, 8221024797) 'ਤੇ ਸੰਪਰਕ ਕੀਤਾ ਜਾ ਸਕਦਾ ਹੈ।