ਜਲੰਧਰ: - ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਫਗਵਾੜਾ ਖੰਡ ਮਿੱਲ ਨਾਲ ਸਬੰਧਤ ਗੰਨਾ ਉਤਪਾਦਕ ਕਿਸਾਨਾਂ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਨਾ ਹੋਣ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਅੰਨਦਾਤਾ ਆਪਣੀ ਮਿਹਨਤ ਦੀ ਕਮਾਈ ਲੈਣ ਲਈ ਸੜਕਾਂ ’ਤੇ ਉਤਰਨ ਅਤੇ ਸੰਘਰਸ਼ ਕਰਨ ਲਈ ਮਜਬੂਰ ਹੈ।
ਖੰਨਾ ਨੇ ਕਿਹਾ ਕਿ ਫਗਵਾੜਾ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ ਲਗਭਗ 27.84 ਕਰੋੜ ਰੁਪਏ ਅਤੇ ਸਰਕਾਰ ਵੱਲੋਂ ਲਗਭਗ 18.93 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੋਣ ਦਾ ਮਾਮਲਾ ਬੇਹੱਦ ਗੰਭੀਰ ਹੈ। ਕਿਸਾਨਾਂ ਵੱਲੋਂ 26 ਨਵੰਬਰ ਨੂੰ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰਨ ਦੀ ਚਿਤਾਵਨੀ ਦੇਣਾ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ। ਉਨ੍ਹਾਂ ਸਵਾਲ ਕੀਤਾ ਕਿ ‘ਆਪ’ ਸਰਕਾਰ ਬਕਾਇਆ ਦੇਣ ਦੀ ਥਾਂ ਕੀ ਕਿਸਾਨਾਂ ਦੁਆਰਾ ਕੌਮੀ ਮਾਰਗ ਜਾਮ ਹੋਣ ਦਾ ਇੰਤਜ਼ਾਰ ਕਰ ਰਹੀ ਹੈ ?
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਕਿਸਾਨ ਆਪਣੀ ਹੀ ਫ਼ਸਲ ਦੀ ਅਦਾਇਗੀ ਲਈ ਤਰਸ ਰਹੇ ਹਨ। ਸਰਕਾਰ ਦੀਆਂ ਮੀਟਿੰਗਾਂ, ਭਰੋਸੇ ਅਤੇ ਬਿਆਨਬਾਜ਼ੀ ਨਾਲ ਕਿਸਾਨਾਂ ਦੇ ਘਰਾਂ ਦੇ ਚੁੱਲ੍ਹੇ ਨਹੀਂ ਬਲਦੇ।
ਖੰਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਸਮੁੱਚੀ ਬਕਾਇਆ ਰਾਸ਼ੀ ਬਿਨਾਂ ਕਿਸੇ ਦੇਰੀ ਤੁਰੰਤ ਜਾਰੀ ਕੀਤੀ ਜਾਵੇ ਅਤੇ ਭਵਿੱਖ ਵਿੱਚ ਗੰਨੇ ਦੀ ਅਦਾਇਗੀ ਲਈ ਪੱਕੀ ਸਮਾਂ-ਸੀਮਾ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੰਘਰਸ਼ ਦੇ ਰਾਹ ਪਾਉਣ ਦੀ ਬਜਾਏ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਏ। ਕਿਸਾਨਾਂ ਨਾਲ ਹੋ ਰਹੀ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।