Friday, May 17, 2024

Punjab

ਕੌਮੀ ਆਜ਼ਾਦੀ ਸੰਘਰਸ਼ ਅਤੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ-ਮੁੱਖ ਮੰਤਰੀ

PUNJAB NEWS EXPRESS | January 26, 2024 08:52 PM


ਆਜ਼ਾਦੀ ਪੰਜਾਬੀਆਂ ਨੇ ਲੈ ਕੇ ਦਿੱਤੀ ਪਰ ਪਰੇਡ ਵਿੱਚੋਂ ਝਾਕੀ ਬਾਹਰ ਕੱਢ ਦਿੱਤੀ

ਕੇਂਦਰ ਵੱਲੋਂ ਰੱਦ ਕੀਤੀਆਂ ਝਾਕੀਆਂ ਲੁਧਿਆਣਾ ਦੇ ਸਮਾਗਮ ਵਿਖੇ ਦਿਖਾ ਕੇ ਪੰਜਾਬੀਆਂ ਨੂੰ ਪੁੱਛਿਆ, ਦੱਸੋ ਇਨ੍ਹਾਂ ਵਿੱਚ ਕੀ ਗਲਤ ਹੈ

ਲੋਕਾਂ ਨੂੰ ਮੁੰਡੇ-ਕੁੜੀਆਂ ਵਿੱਚ ਭੇਦਭਾਵ ਨਾ ਕਰਨ ਦੀ ਅਪੀਲ

ਸੂਬਾ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਦਾ ਜ਼ਿਕਰ ਕੀਤਾ

ਮੈਂ ਅਗਲੀਆਂ ਚੋਣਾਂ ਲਈ ਨਹੀਂ ਸਗੋਂ ਅਗਲੀਆਂ ਪੀੜ੍ਹੀਆਂ ਲਈ ਕੰਮ ਕਰ ਰਿਹਾ ਹਾਂ-ਮੁੱਖ ਮੰਤਰੀ

ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਇਆ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਣਗਿਣਤ ਕੁਰਬਾਨੀਆਂ ਦੇ ਕੇ ਦੇਸ਼ ਦੀ ਆਜ਼ਾਦੀ ਹਾਸਲ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਕੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ।

 75ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਦਿਨ ਦੀ ਪੰਜਾਬ ਲਈ ਵਿਸ਼ੇਸ਼ ਮਹੱਤਤਾ ਹੈ ਕਿਉਂਕਿ ਪੰਜਾਬੀਆਂ ਨੇ ਇਸ ਮੁਲਕ ਦੀ ਖਾਤਰ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, “ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਵੀ ਬਹੁਤ ਵਾਰ 26 ਜਨਵਰੀ ਦਾ ਦਿਨ ਗੁਜ਼ਰਿਆ ਸੀ ਪਰ ਕਿਸੇ ਨੂੰ ਕੌਮੀ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਸੀ। ਹੁਣ ਸਾਨੂੰ ਇਹ ਦਿਹਾੜਾ ਮਨਾਉਣ ਦਾ ਹੱਕ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਸੂਬੇ ਦੀ ਝਾਕੀ ਨੂੰ ਕੌਮੀ ਰਾਜਧਾਨੀ ਵਿੱਚ ਗਣਤੰਤਰ ਦਿਹਾੜੇ ਮੌਕੇ ਹੋਈ ਪਰੇਡ ਵਿੱਚੋਂ ਜਾਣਬੁੱਝ ਕੇ ਬਾਹਰ ਰੱਖਿਆ ਗਿਆ।”  

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਕੌਮੀ ਦਿਹਾੜੇ ਪੰਜਾਬ ਤੋਂ ਬਿਨਾਂ ਕਿਵੇਂ ਮਨਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਜਾਬ ਦੀ ਝਾਕੀ ਨੂੰ ਮਿੱਥ ਕੇ ਬਾਹਰ ਰੱਖਿਆ ਹੈ, ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਇਸ ਝਾਕੀ ਵਿੱਚ ਕੀ ਗਲਤ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀਆਂ ਝਾਕੀਆਂ ਸੂਬੇ ਦਾ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਮੂਰਤੀਮਾਨ ਕਰਦੀਆਂ ਸਨ ਕਿਉਂਕਿ ਅਸੀਂ ਸੂਬੇ ਦੇ ਗੌਰਵ ਤੇ ਮਾਣ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬੀਆਂ ਦੀਆਂ ਲਮਿਸਾਲ ਕੁਰਬਾਨੀਆਂ ਦਾ ਮਜ਼ਾਕ ਉਡਾਇਆ ਹੈ ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸੇ ਕਰਕੇ ਸੂਬਾ ਸਰਕਾਰ ਨੇ ਕੇਂਦਰ ਦੇ ਇਸ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੀਆਂ ਝਾਕੀਆਂ ਰੱਦ ਕਰਕੇ ਮਾਈ ਭਾਗੋ, ਗ਼ਦਰੀ ਬਾਬੇ, ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਸੂਬੇ ਦੀਆਂ ਝਾਕੀਆਂ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਦੇ ਮਹੱਤਵ ਨੂੰ ਘਟਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਰਤਾਰਾ ਸਹਿਣ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਸਿੱਧੇ ਤੌਰ ਉਤੇ ਸਾਡੇ ਦੇਸ਼ ਭਗਤਾਂ ਅਤੇ ਕੌਮੀ ਨੇਤਾਵਾਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇਹ ਝਾਕੀਆਂ ਕੱਢ ਕੇ ਦੇਸ਼ ਪ੍ਰਤੀ ਪੰਜਾਬੀਆਂ ਦਾ ਯੋਗਦਾਨ ਦਿਖਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤੀ ਹਵਾਈ ਸੈਨਾ ਦੇ ਹਲਵਾਰਾ, ਲੁਧਿਆਣਾ ਵਿਖੇ ਬਣਨ ਜਾ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਗਿਆ ਹੈ ਅਤੇ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਣਾ ਸ਼ਹੀਦਾਂ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਮ 'ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮਕਰਨ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ।

ਆਪਣੀ ਤਕਰੀਰ ਦੌਰਾਨ ਭਾਵੁਕ ਹੁੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਲੜਕੇ ਅਤੇ ਲੜਕੀਆਂ ਵਿੱਚ ਲਿੰਗ ਭੇਦਭਾਵ ਖਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਨੂੰ ਹਰੇਕ ਖੇਤਰ ਵਿੱਚ ਮੱਲਾਂ ਮਾਰਨ ਲਈ ਵੱਧ ਤੋਂ ਵੱਧ ਮੌਕੇ ਦਿੱਤੇ ਜਾਣ ਤਾਂ ਕਿ ਉਹ ਸਫਲਤਾ ਦੀਆਂ ਨਵੀਆਂ ਇਬਾਰਤਾਂ ਲਿਖ ਸਕਣ। ਇਸ ਵਿੱਚ ਸ਼ੱਕ ਨਹੀਂ ਕਿ ਸੂਬੇ ਦੀਆਂ ਲੜਕੀਆਂ ਬਹੁਤ ਨਿੱਡਰ ਹਨ ਅਤੇ ਜੇਕਰ ਉਨ੍ਹਾਂ ਨੂੰ ਮੌਕਾ ਦਿੱਤਾ ਜਾਵੇ ਤਾਂ ਉਹ ਕੋਈ ਵੀ ਟੀਚਾ ਹਾਸਲ ਕਰਨ ਦੀ ਕਾਬਲੀਅਤ ਰੱਖਦੀਆਂ ਹਨ।”


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਆਪਣੇ ਬੇਸ਼ਕੀਮਤੀ ਕੁਦਰਤੀ ਸਰੋਤ ਪਾਣੀ ਅਤੇ ਜਰਖੇਜ਼ ਮਿੱਟੀ ਕੁਰਬਾਨ ਕਰਕੇ ਦੇਸ਼ ਲਈ 182 ਲੱਖ ਮੀਟ੍ਰਿਕ ਟਨ ਝੋਨਾ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਯੋਗਦਾਨ ਨੇ ਦੇਸ਼ ਨੂੰ ਅਨਾਜ ਉਤਪਾਦਨ ਪੱਖੋਂ ਆਤਮ-ਨਿਰਭਰ ਬਣਾਇਆ ਜਿਸ ਕਾਰਨ ਭਾਰਤ ਵਿਸ਼ਵ ਭਰ ਵਿੱਚ ਮਜ਼ਬੂਤ ਰਾਸ਼ਟਰ ਵਜੋਂ ਉਭਰਿਆ ਹੈ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਦੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਤੋਂ ਵਾਂਝੇ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਜੋ ਸਰਾਸਰ ਬੇਇਨਸਾਫੀ ਹੈ।

 ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਮੋਹਰੀ ਸੂਬਾ ਰਿਹਾ ਹੈ ਅਤੇ ਮੋਹਰੀ ਹੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਦ੍ਰਿੜ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਤਾਂ ਜੋ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਅਗਲੀਆਂ ਚੋਣਾਂ ਦਾ ਫਿਕਰ ਨਹੀਂ ਸਗੋਂ ਮੈਂ ਤਾਂ ਆਉਣ ਵਾਲੀ ਪੀੜ੍ਹੀ ਦੇ ਭਲੇ ਲਈ ਕੰਮ ਕਰ ਰਿਹਾ ਹਾਂ ਜਿਸ ਕਰਕੇ ਮੇਰੀ ਸਰਕਾਰ ਨੇ ਕਈ ਲੀਹੋਂ ਹਟਵੇਂ ਉਪਰਾਲੇ ਕੀਤੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਵਿੱਚ ਲੱਗੀ ਹੋਈ ਹੈ ਕਿ ਨੌਜਵਾਨ ਰੋਜ਼ਗਾਰ ਲੱਭਣ ਦੀ ਬਜਾਏ ਰੋਜ਼ਗਾਰ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਿੱਖਿਆ ਦੇ ਮੌਕੇ ਤੋਂ ਵਾਂਝਾ ਰੱਖਿਆ ਗਿਆ ਸੀ ਤਾਂ ਕਿ ਉਹ ਸਿਆਸੀ ਆਗੂਆਂ ਦੇ ਪਿੱਛੇ ਲੱਗੇ ਰਹਿਣ। ਉਨ੍ਹਾਂ ਕਿਹਾ ਕਿ ਇਸ ਪ੍ਰਥਾ ਨੂੰ ਤਿਆਗਿਆ ਜਾ ਰਿਹਾ ਹੈ ਤਾਂ ਜੋ ਨੌਜਵਾਨ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਅਨਿੱਖੜਵਾਂ ਅੰਗ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬੇ ਵਿੱਚ ਨਹਿਰੀ ਪਾਣੀ ਆਖ਼ਰੀ ਖੇਤਾਂ ਦੇ ਟੇਲਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਨੂੰ ਪੂਰਾ ਕਰਨਾ ਸੂਬਾ ਸਰਕਾਰ ਆਪਣਾ ਫਰਜ਼ ਬਣਦਾ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪਹਿਲਾਂ ਹੀ ਪੰਜਾਬ ਦੇ ਦੂਰ-ਦੁਰਾਡੇ ਦੇ ਇਲਾਕਿਆਂ ਤੱਕ ਪਾਣੀ ਪਹੁੰਚ ਚੁੱਕਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਲਗਭਗ 97 ਲੱਖ ਲੋਕ ਮੁਫਤ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਸੰਭਾਲ ਖੇਤਰ ਵਿੱਚ ਇਹ ਇੱਕ ਨਵੀਂ ਕ੍ਰਾਂਤੀ ਹੈ ਅਤੇ ਇਸ ਖੇਤਰ ਨੂੰ ਨਵਾਂ ਰੂਪ ਦੇਣ ਲਈ ਯਤਨ ਜਾਰੀ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਹਨ ਅਤੇ ਪਹਿਲੇ ਸਾਲ ਦੌਰਾਨ ਇਸ ਵਿੱਚ 8358 ਵਿਦਿਆਰਥੀ ਦਾਖਲ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਖੇਡਾਂ ਦੀਆਂ ਸਹੂਲਤਾਂ ਦੇ ਵਿਕਾਸ ਲਈ 200 ਕਰੋੜ ਰੁਪਏ ਰੱਖੇ ਗਏ ਹਨ, ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ 65, 000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ 2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਭਗਵੰਤ ਸਿੰਘ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।

 ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਰੋਕਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ 27 ਜਨਵਰੀ ਨੂੰ ਜਲੰਧਰ ਤੋਂ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਗੁਆਚ ਰਹੀਆਂ ਕਈ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ ਵਾਲਿਆਂ ਨਾਲ ਨਿਪਟਣ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਸੜਕ ਹਾਦਸਿਆਂ ਨੂੰ ਰੋਕਣ ਲਈ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਅਤਿ ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਬਾਅਦ ਸੜਕਾਂ 'ਤੇ ਢੁਕਵੀਂ ਵਿਵਸਥਾ ਕਰਨ ਲਈ ਤਾਇਨਾਤ ਕੀਤੇ ਜਾਣਗੇ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ ਅਤੇ ਇਸ ਦਾ ਨਾਮ ਵੀ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਪੁੱਠਾ ਗੇੜ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਜਨਤਕ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਹੋਈ ਸੀ ਅਤੇ ਸਾਰਿਆਂ ਨੂੰ ਉਸ ਅਸਥਾਨ 'ਤੇ ਮੱਥਾ ਟੇਕਣ ਲਈ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਧਰਮ ਨਿਰਪੱਖਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ ਕਿਉਂਕਿ ਯੁੱਗਾਂ ਤੋਂ ਇੱਥੇ ਹਰ ਵਰਗ ਦੇ ਲੋਕ ਸ਼ਾਂਤੀ ਨਾਲ ਰਹਿ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਭਾਵੇਂ ਰਮਜ਼ਾਨ ਨੂੰ ਮੁਸਲਿਮ ਭਾਈਚਾਰੇ ਦਾ ਤਿਉਹਾਰ ਮੰਨਿਆ ਜਾਂਦਾ ਹੈ ਪਰ ਇਹ ਦੋ ਸ਼ਬਦ ‘ਰਾਮ’ ਅਤੇ ‘ਜ਼ਾਨ’ ਤੋਂ ਬਣਿਆ ਹੈ ਜਿਸ ਦਾ ਅਰਥ ਹੈ ਕਿ ਇਸ ਵਿੱਚ ਰਾਮ ਦਾ ਜ਼ਿਕਰ ਵੀ ਹੈ। ਇਸੇ ਤਰ੍ਹਾਂ ਹਿੰਦੂ ਭਾਈਚਾਰੇ ਦਾ ਤਿਉਹਾਰ ਦੀਵਾਲੀ ਵਿੱਚ ‘ਅਲੀ’ ਸ਼ਬਦ ਹੈ ਜੋ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।” ਫਿਰਕੂ ਏਜੰਡੇ ਨੂੰ ਉਭਾਰਨ ਵਾਲੀਆਂ ਪਾਰਟੀਆਂ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਫੁੱਟ ਪਾਊ ਰਾਜਨੀਤੀ 'ਚ ਵਿਸ਼ਵਾਸ ਨਹੀਂ ਰੱਖਦੀ ਸਗੋਂ 'ਕੰਮ ਦੀ ਰਾਜਨੀਤੀ' ਰਾਹੀਂ ਸਰਬੱਤ ਦੇ ਭਲੇ ਦੇ ਸਿਧਾਂਤ 'ਤੇ ਕੰਮ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਈਚਾਰਕ ਸਾਂਝ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੇ ਸਿਧਾਂਤਾਂ 'ਤੇ ਆਧਾਰਿਤ ਸਮਾਜ ਅਤੇ ਦੇਸ਼ ਦੀ ਨੀਂਹ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਆਸਥਾ ਦੇ ਤੀਰਥ ਅਸਥਾਨ ਦੀ ਯਾਤਰਾ ਕਰਨ ਦੀ ਸਹੂਲਤ ਦੇਣ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਸਮਾਜ ਦੇ ਹਰ ਵਰਗ ਨੂੰ ਵੱਡਾ ਲਾਭ ਹੋ ਰਿਹਾ ਹੈ ਕਿਉਂਕਿ ਉਹ ਤੀਰਥ ਅਸਥਾਨਾਂ ਦੀ ਮੁਫ਼ਤ ਯਾਤਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਬੇਮਿਸਾਲ ਯੋਜਨਾ ਹੈ ਜੋ ਦੇਸ਼ ਵਿੱਚ ਪਹਿਲੀ ਵਾਰ ਕਿਸੇ ਸੂਬੇ ਦੁਆਰਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸ਼ੁਰੂ ਵਿੱਚ ਰੇਲਵੇ ਇਸ ਵਿੱਚ ਅੜਚਣ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਹੁਣ ਮਾਮਲਾ ਸੁਲਝ ਗਿਆ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਸਾਡੇ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ, ਸ਼ਹੀਦਾਂ ਅਤੇ ਨਾਇਕਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਕੇਂਦਰ ਬਿੰਦੂ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਬਹਾਦਰ ਅਤੇ ਦੇਸ਼ ਭਗਤ ਲੋਕਾਂ ਨੂੰ ਖੁਸ਼ਹਾਲ ਪੰਜਾਬ ਦੇ ਟੀਚਿਆਂ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਸੱਦਾ ਦਿੱਤਾ ਜਿਸ ਵਿੱਚ ਗਰੀਬੀ, ਅਨਪੜ੍ਹਤਾ ਅਤੇ ਬੇਰੁਜ਼ਗਾਰੀ ਵਰਗੀਆਂ ਬੁਰਾਈਆਂ ਦੀ ਕੋਈ ਥਾਂ ਨਹੀਂ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਆਕਰਸ਼ੀ ਜੈਨ, ਆਈ.ਪੀ.ਐਸ. ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਪੰਜਾਬ ਆਰਮਡ ਪੁਲਿਸ, ਐਨ.ਸੀ.ਸੀ. (ਲੜਕੀਆਂ ਤੇ ਲੜਕੇ), ਭਾਰਤ ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਬ੍ਰਾਸ ਬੈਂਡ ਦੀ ਟੁਕੜੀ ਵੱਲੋਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਸਮੂਹ ਗਾਇਨ ਸਮੇਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।

ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ