— ਪੁਲਿਸ ਟੀਮਾਂ ਨੇ 246 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
— ਗੁਰਦਾਸਪੁਰ ਵਿੱਚ ਦੋ ਦਿਨਾਂ ’ਆਪ੍ਰੇਸ਼ਨ ਪ੍ਰਹਾਰ-4.0’ ਦੌਰਾਨ 371 ਗ੍ਰਿਫ਼ਤਾਰੀਆਂ
— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
— ਯੁੱਧ ਨਸ਼ਿਆਂ ਵਿਰੁਧ ਦੇ 526ਵੇਂ ਦਿਨ 1.3 ਕਿਲੋਗ੍ਰਾਮ ਹੈਰੋਇਨ ਸਮੇਤ 76 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 9 ਅਗਸਤ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ 201ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 597 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
201ਵੇਂ ਦਿਨ ਪੁਲਿਸ ਟੀਮਾਂ ਨੇ 299 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 58, 511 ਹੋ ਗਈ ਹੈ।
ਇਸ ਤੋਂ ਇਲਾਵਾ 246 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ‘ਗੈਂਗਸਟਰਾਂ ਤੇ ਵਾਰ ਮੁਹਿੰਮ’ ਦੇ ਹਿੱਸੇ ਵਜੋਂ, ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਰੋਜ਼ਾ ‘ਆਪ੍ਰੇਸ਼ਨ ਪ੍ਰਹਾਰ-4.0’ ਚਲਾਇਆ ਗਿਆ, ਜਿਸ ਤਹਿਤ 371 ਗ੍ਰਿਫ਼ਤਾਰੀਆਂ ਹੋਈਆਂ ਅਤੇ ਦੋ ਪਿਸਤੌਲਾਂ ਸਮੇਤ ਚਾਰ ਜ਼ਿੰਦਾ ਕਾਰਤੂਸ, 448 ਗ੍ਰਾਮ ਹੈਰੋਇਨ, 110 ਨਸ਼ੀਲੀਆਂ ਗੋਲੀਆਂ ਅਤੇ 8920 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਲੋਕ, ਐਂਟੀ- ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।
ਇਸ ਦੌਰਾਨ ਪੁਲਿਸ ਟੀਮਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 526ਵੇਂ ਅੱਜ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 175 ਨਸ਼ੀਲੀਆਂ ਗੋਲੀਆਂ ਅਤੇ 1450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ਼ 526 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75, 578 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।