*— ਪੁਲਿਸ ਟੀਮਾਂ ਨੇ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 536ਵੇਂ ਦਿਨ 9.7 ਕਿਲੋਗ੍ਰਾਮ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ*
ਚੰਡੀਗੜ੍ਹ, 19 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 211ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
211ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 344 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 62, 221 ਹੋ ਗਈਆਂ।
ਇਸ ਤੋਂ ਇਲਾਵਾ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 536ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.7 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 325 ਨਸ਼ੀਲੀਆਂ ਗੋਲੀਆਂ ਅਤੇ 13.01 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 536 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76, 085 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।