- *ਪੁਲਿਸ ਟੀਮਾਂ ਨੇ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ*
- *ਯੁੱਧ ਨਸ਼ਿਆਂ ਵਿਰੁਧ ਦੇ 554ਵੇਂ ਦਿਨ 62 ਨਸ਼ਾ ਤਸਕਰ ਗ੍ਰਿਫ਼ਤਾਰ*
ਚੰਡੀਗੜ੍ਹ, 6 ਸਤੰਬਰ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਆਪਣੇ 229ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
229ਵੇਂ ਦਿਨ, ਪੁਲਿਸ ਟੀਮਾਂ ਨੇ 273 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68, 388 ਗ੍ਰਿਫ਼ਤਾਰੀਆਂ ਹੋਈਆਂ ।
ਇਸ ਤੋਂ ਇਲਾਵਾ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 554ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 62 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 306 ਗ੍ਰਾਮ ਹੈਰੋਇਨ ਅਤੇ 190 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਨਾਲ, ਸਿਰਫ 554 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77, 421 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਪੰਜ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।