ਅੰਮ੍ਰਿਤਸਰ: ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ’ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਕੰਡਿਆਲੀ ਤਾਰ ਦੇ ਵਾੜ ਦੀ ਸਮੱਸਿਆ ਨੂੰ ਹੱਲ ਕਰਦਿਆਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਲਈ ਧੰਨਵਾਦ ਕੀਤਾ ਹੈ।
ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲਟਕਿਆ ਹੋਇਆ ਇਹ ਮੁੱਦਾ 1990 ਦੇ ਦਹਾਕੇ ਦੌਰਾਨ ਬਣਾਈ ਗਈ ਵਾੜ ਨਾਲ ਸਬੰਧਿਤ ਹੈ, ਜਿਸ ਨੇ ਹਜ਼ਾਰਾਂ ਏਕੜ ਉਤਪਾਦਕ ਅਤੇ ਉਪਜਾਊ ਖੇਤੀਬਾੜੀ ਜ਼ਮੀਨ ਨੂੰ ਨਾ ਵਰਤਣਯੋਗ ਬਣਾ ਦਿੱਤਾ ਸੀ, ਕਿਉਂਕਿ ਸੁਰੱਖਿਆ ਕਾਰਨਾਂ ਕਰਕੇ ਉਕਤ ਵਾੜ ਕਈ ਮੀਟਰ ਅਤੇ ਕੁਝ ਮਾਮਲਿਆਂ ’ਚ ਭਾਰਤੀ ਖੇਤਰ ਦੇ ਅੰਦਰ ਕਈ ਕਿਲੋਮੀਟਰ ਤੱਕ ਵੀ ਲਗਾਈ ਗਈ ਸੀ। ਇਸ ਨਾਲ ਉਨ੍ਹਾਂ ਕਿਸਾਨਾਂ ਨੂੰ ਖੇਤੀ ਲਈ ਆਪਣੀ ਜ਼ਮੀਨ ਤੱਕ ਸੀਮਤ ਪਹੁੰਚ ਕਾਰਨ ਲਗਾਤਾਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਛੀਨਾ ਨੇ ਕਿਹਾ ਕਿ ਇਹ ਫੈਸਲਾ ਕਿਸਾਨਾਂ ਦੀ ਭਲਾਈ ਅਤੇ ਅਸਲ ਜਨਤਕ ਸ਼ਿਕਾਇਤਾਂ ਦੇ ਹੱਲ ਪ੍ਰਤੀ ਪ੍ਰਧਾਨ ਮੰਤਰੀ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸ: ਛੀਨਾ ਨੇ ਕਿਹਾ ਕਿ ਉਨ੍ਹਾਂ (ਖੁਦ) ਪਿਛਲੇ ਸਾਲ ਦਸੰਬਰ ’ਚ ਉਕਤ ਸਮੱਸਿਆ ਦੇ ਹੱਲ ਲਈ ਸ੍ਰੀ ਮੋਦੀ ਅਤੇ ਸ੍ਰੀ ਸ਼ਾਹ ਨੂੰ ਬੇਨਤੀ ਪੱਤਰ ਲਿਖਿਆ ਸੀ ਅਤੇ ਹੁਣ ਇਹ ਖੁਸ਼ੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਬਹੁਤ ਲੋੜੀਂਦੀ ਰਾਹਤ ਮਿਲੇਗੀ ਅਤੇ ਸਰਹੱਦੀ ਖੇਤਰਾਂ ’ਚ ਖੇਤੀਬਾੜੀ ਉਤਪਾਦਕਤਾ ਨੂੰ ਬਹਾਲ ਕਰਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਨਾ ਸਿਰਫ਼ ਕਿਸਾਨ ਭਾਈਚਾਰੇ ਨੂੰ ਲਾਭ ਹੋਵੇਗਾ, ਸਗੋਂ ਸਰਹੱਦੀ ਪ੍ਰਬੰਧਨ ਨੂੰ ਵੀ ਮਜ਼ਬੂਤੀ ਮਿਲੇਗੀ ਅਤੇ ਖੇਤਰ ਵਿੱਚ ਸਰਹੱਦ ਪਾਰ ਤਸਕਰੀ ਦੀਆਂ ਗਤੀਵਿਧੀਆਂ ਨੂੰ ਰੋਕਣ ’ਚ ਵੀ ਮਦਦ ਮਿਲੇਗੀ। ਉਨ੍ਹਾਂ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੇ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ’ਚ ਕੇਂਦਰ ਸਰਕਾਰ ਦੇ ਨਿਰੰਤਰ ਯਤਨਾਂ ਦੀ ਵੀ ਸ਼ਲਾਘਾ ਕੀਤੀ ਅਤੇ ਉਮੀਦ ਪ੍ਰਗਟ ਕੀਤੀ ਕਿ ਨੋਟੀਫਿਕੇਸ਼ਨ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ।
ਇਸ ਮੌਕੇ ਛੀਨਾ ਨੇ ਪ੍ਰਧਾਨ ਮੰਤਰੀ ਦੀ ਦੂਰਦਰਸ਼ੀ ਅਗਵਾਈ ਅਤੇ ਪੰਜਾਬ ਦੇ ਲੋਕਾਂ ਲਈ ਨਿਰੰਤਰ ਸਮਰਥਨ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਦੇ ਸਰਹੱਦੀ ਖੇਤਰਾਂ ’ਚ ਸੁਰੱਖਿਆ ਅਤੇ ਖੁਸ਼ਹਾਲੀ ਲਈ ਇਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।