- ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਕੌਮੀ ਯੋਧਿਆਂ ਦੀ ਪਿੱਠ ’ਤੇ ਚੱਟਾਨ ਵਾਂਗ ਖੜ੍ਹੀ ਹੈ ਸਿੱਖ ਸੰਸਥਾ- ਗਿਆਨੀ ਟੇਕ ਸਿੰਘ
ਮਾਨਸਾ/ਅੰਮ੍ਰਿਤਸਰ, 22 ਅਕਤੂਬਰ: ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਐਲਾਨ ਨੂੰ ਅਮਲੀ ਰੂਪ ਵਿੱਚ ਪੂਰਾ ਕਰਦਿਆਂ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਸੌਂਪੇ ਗਏ। ਇਹ ਚੈੱਕ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਤੇ ਮੀਤ ਸਕੱਤਰ ਸ. ਅਜ਼ਾਦ ਦੀਪ ਸਿੰਘ ਨੇ ਜ਼ਖ਼ਮੀ ਨੌਜਵਾਨਾਂ ਨੂੰ ਮਿਲ ਕੇ ਸੌਂਪੇ। ਇਸ ਮੌਕੇ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਿਤਾ ਬਾਪੂ ਭੀਮ ਸਿੰਘ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਸਮੇਂ ਵਾਪਰੀ ਘਟਨਾ ਦੌਰਾਨ ਭਾਈ ਪਰਵਿੰਦਰ ਸਿੰਘ ਝੋਟਾ ਸ਼ਹਾਦਤ ਪ੍ਰਾਪਤ ਕਰ ਗਏ ਸਨ, ਜਦਕਿ ਉਨ੍ਹਾਂ ਦੇ ਚਾਰ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ। ਇਸ ਦੁਖਦਾਈ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਸੀ ਅਤੇ ਜ਼ਖ਼ਮੀ ਨੌਜਵਾਨਾਂ ਦੇ ਇਲਾਜ ਅਤੇ ਸਹਾਇਤਾ ਲਈ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਸੀ। ਇਸ ਤਹਿਤ ਅੱਜ ਜ਼ਖ਼ਮੀਆਂ ਨੂੰ 5-5 ਲੱਖ ਰੁਪਏ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ ਗਏ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਹਿੰਮਤ ਨਾਲ ਆਵਾਜ਼ ਉਠਾਉਣ ਵਾਲੇ ਭਾਈ ਪਰਵਿੰਦਰ ਸਿੰਘ ਦੀ ਕੁਰਬਾਨੀ ਸਮੁੱਚੀ ਕੌਮ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਵਿਰੁੱਧ ਸੰਘਰਸ਼ ਕਰਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਇਸ ਦਿਸ਼ਾ ਵਿਚ ਯਤਨ ਕਰਨ ਵਾਲੇ ਨੌਜਵਾਨਾਂ ਦੇ ਨਾਲ ਖੜਨਾ ਸਾਰਿਆਂ ਦਾ ਫ਼ਰਜ਼ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਦੀ ਇਸ ਘੜੀ ਵਿਚ ਪੀੜਤ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਸਮਾਜ ਵਿਰੋਧੀ ਅਨਸਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਇਕੱਲੇ ਮਹਿਸੂਸ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਜ਼ਖ਼ਮੀ ਨੌਜਵਾਨਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਿਆਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਨਾ ਦਿੰਦੀ ਰਹੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੀਤ ਸਕੱਤਰ ਸ. ਅਜਾਦਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮੈਨੇਜਰ ਸ. ਮਨਦੀਪ ਸਿੰਘ ਮਾਖਾ ਅਤੇ ਸ. ਰਜਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।