ਚੰਡੀਗੜ੍ਹ, 01 ਜੁਲਾਈ: ਪੰਜਾਬ ਕਾਂਗਰਸ ਦੇ ਪ੍ਰਧਾਨ ਬਦਲਣ ਨੂੰ ਲੈ ਕੇ ਵੱਡੀ ਖ਼ਬਰ ਸ੍ਹਾਮਣੇ ਆਈ ਹੈ। ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦਾ ਪ੍ਰਧਾਨ ਨਹੀਂ ਬਦਲਿਆ ਗਿਆ ਹੈ, ਸਗੋਂ ਹੋਰ ਸੀਨੀਅਰ ਲੀਡਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਪੱਤਰ ਅਨੁਸਾਰ ਅਮਰਿੰਦਰ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਵਿਜੇ ਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ ਜਦਕਿ ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਅਮਰਿੰਦਰ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ ਅਤੇ ਪ੍ਰਤਾਪ ਸਿੰਘ ਬਾਜਵਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਬਣੇ ਰਹਿਣਗੇ।
ਹਾਈ ਕਮਾਂਡ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਤਿੰਨ ਨਵੇਂ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਸ਼ਾਮਲ ਹਨ।
ਇਸ ਤੋਂ ਬਿਨਾਂ ਪ੍ਰਚਾਰ ਕਮੇਟੀ ਵਿੱਚ ਤਿੰਨ ਕੋ-ਚੇਅਰਪਰਸਨ ਨਿਯੁਕਤ ਕੀਤੇ ਗਏ ਹਨ: ਜਿਨ੍ਹਾਂ 'ਚ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਸ਼ਾਮਿਲ ਹਨ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਪਰਗਟ ਸਿੰਘ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਸਾਬਕਾ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਮੈਨੀਫੈਸਟੋ ਕਮੇਟੀ ਦਾ ਕੋ-ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।