- ਸਚਿਨ ਪਾਇਲਟ, ਚਰਨਜੀਤ ਚੰਨੀ, ਪ੍ਰਤਾਪ ਬਾਜਵਾ ਤੇ ਰਾਜਾ ਵੜਿੰਗ ਸਮੇਤ ਕਈ ਆਗੂ ਹੋਏ ਸ਼ਾਮਲ
- 2027 ਦੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦੇਣ ਦੀ ਕੋਸ਼ਿਸ਼
ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਧੜੇਬੰਦੀ ਅਤੇ ਲੀਡਰਸ਼ਿਪ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੀ ਖਿੱਚੋਤਾਣ ਦਰਮਿਆਨ ਐਤਵਾਰ ਨੂੰ ਪਾਰਟੀ ਨੇ ਏਕਤਾ ਦਿਖਾਉਣ ਦੀ ਕੋਸ਼ਿਸ਼ ਕੀਤੀ। ਨਵੇਂ ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਦੇ ਅਹੁਦਾ ਸੰਭਾਲਣ ਸਮਾਗਮ ਵਿੱਚ ਕਾਂਗਰਸ ਦੇ ਕਈ ਪ੍ਰਮੁੱਖ ਆਗੂ ਇੱਕ ਮੰਚ ’ਤੇ ਇਕੱਠੇ ਹੋਏ।
ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਹੋਏ ਸਮਾਗਮ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਆਗੂ ਮੌਜੂਦ ਰਹੇ।
ਪਰਗਟ ਸਿੰਘ ਦੀ ਸੂਬਾ ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ ਇਸ ਸਮਾਗਮ ਨੂੰ ਪਾਰਟੀ ਅੰਦਰ ਏਕਤਾ ਦਾ ਸੁਨੇਹਾ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਵਿੱਚ ਤਬਦੀਲੀਆਂ, ਸੰਗਠਨਾਤਮਕ ਜ਼ਿੰਮੇਵਾਰੀਆਂ ਦੀ ਵੰਡ ਅਤੇ ਸੀਨੀਅਰ ਆਗੂਆਂ ਵਿਚਾਲੇ ਮਤਭੇਦਾਂ ਨੂੰ ਲੈ ਕੇ ਚਰਚਾ ਹੁੰਦੀ ਰਹੀ ਹੈ।
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਲਈ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਵਰਕਰਾਂ ਨੂੰ ਸਰਗਰਮ ਕਰਨਾ ਵੱਡੀ ਚੁਣੌਤੀ ਹੈ। ਸਮਾਗਮ ਰਾਹੀਂ ਕਾਂਗਰਸ ਨੇ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਕਿ ਪਾਰਟੀ ਦੇ ਸੀਨੀਅਰ ਆਗੂ ਸੰਗਠਨ ਨੂੰ ਮਜ਼ਬੂਤ ਕਰਨ ਲਈ ਇਕੱਠੇ ਹਨ।
ਅਹੁਦਾ ਸੰਭਾਲਣ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ
ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਆਪਣੀ ਪਤਨੀ ਬਰਿੰਦਰ ਪ੍ਰੀਤ ਕੌਰ ਨਾਲ ਸਿੱਖ ਪੰਥ ਦੀ ਜਨਮਭੂਮੀ ਸ੍ਰੀ ਆਨੰਦਪੁਰ ਸਾਹਿਬ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਪੰਜਾਬ ਦੀ ਖ਼ੁਸ਼ਹਾਲੀ, ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।