ਚੰਡੀਗੜ੍ਹ, 4 ਸਤੰਬਰ : ਪੰਜਾਬ ਦੇ ਕਰੀਬ 85 ਹਜ਼ਾਰ ਮੁਲਾਜ਼ਮਾਂ ਨੂੰ ਹੁਣ 60 ਫੀਸਦੀ DA ਮਿਲੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਕਰਕੇ ਇਸ ਸਬੰਧੀ ਐਲਾਨ ਕੀਤਾ। ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਇਸ ਸਮੇਂ 42 ਫੀਸਦੀ DA ਮਿਲ ਰਿਹਾ ਹੈ। ਹੁਣ ਕੇਂਦਰ ਸਰਕਾਰ ਦੀ ਤਰਜ਼ ’ਤੇ ਇਸ ਨੂੰ ਵਧਾ ਕੇ 60 ਫੀਸਦੀ ਕਰਨ ਦਾ ਫੈਸਲਾ ਲਿਆ ਗਿਆ ਹੈ।
ਕੈਬਨਿਟ ਕਮੇਟੀ ਨੇ CM ਨੂੰ ਭੇਜਿਆ ਪ੍ਰਸਤਾਵ
ਮੰਤਰੀ ਮੁਤਾਬਕ, ਇਸ ਸਬੰਧੀ ਕੈਬਨਿਟ ਕਮੇਟੀ ਵੱਲੋਂ ਪ੍ਰਸਤਾਵ ਮੁੱਖ ਮੰਤਰੀ ਨੂੰ ਭੇਜ ਦਿੱਤਾ ਗਿਆ ਹੈ। ਹੁਣ ਇਸ ’ਤੇ CM ਭਗਵੰਤ ਮਾਨ ਦੇ ਦਸਤਖ਼ਤ ਹੋਣੇ ਬਾਕੀ ਹਨ। ਇਹ ਲਾਭ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਮਿਲੇਗਾ। ਇਸ ਫੈਸਲੇ ਨੂੰ ਹੜਤਾਲ ਕਰ ਰਹੇ ਮੁਲਾਜ਼ਮਾਂ ਦੇ ਇੱਕ ਗੁੱਟ ਨੂੰ ਰਾਜ਼ੀ ਕਰਨ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ।
DA ਦੇ ਬਕਾਏ ਨੂੰ ਲੈ ਕੇ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਤਕਰਾਰ
ਦੱਸ ਦੇਈਏ ਕਿ ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ DA ਦੇ ਬਕਾਏ ਨੂੰ ਲੈ ਕੇ ਪਹਿਲਾਂ ਹੀ ਵਿਵਾਦ ਚੱਲ ਰਿਹਾ ਹੈ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਕਈ ਸਾਲਾਂ ਤੋਂ DA ਬਕਾਇਆ ਹੈ। ਇਸ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ 14, 191 ਕਰੋੜ ਰੁਪਏ ਦੀ ਬਕਾਇਆ ਰਕਮ ਅਦਾ ਕਰਨ ਦੇ ਹੁਕਮ ਦਿੱਤੇ ਸਨ। ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।