ਲੁਧਿਆਣਾ: ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ ਕੀਤੀ।
ਮੁੱਖ ਮੰਤਰੀ ਨੇ ਇਸ ਸਕੀਮ ਦੀ ਸ਼ੁਰੂਆਤ ਸਮੇਂ ਭ੍ਰਿਸ਼ਟਾਚਾਰ ਦੇ ਯੁੱਗ ਨੂੰ ਖ਼ਤਮ ਕਰਨ ਦੇ ਪ੍ਰਤੀਕ ਵਜੋਂ ਇੱਥੇ ਆਰ.ਟੀ.ਓ. ਦਫ਼ਤਰ ਨੂੰ ਤਾਲਾ ਲਗਾਇਆ।
ਇਸ ਦੌਰਾਨ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਰ.ਟੀ.ਓ. ਦਫ਼ਤਰਾਂ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਅੱਜ ਦਾ ਦਿਨ ਇਨ੍ਹਾਂ ਦਿੱਕਤਾਂ ਦੇ ਅੰਤ ਦਾ ਸੂਚਕ ਹੈ, ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਆਮ ਆਦਮੀ ਨੂੰ ਹੋਣ ਵਾਲੀ ਦਿੱਕਤ ਅਤੇ ਭ੍ਰਿਸ਼ਟਾਚਾਰ `ਤੇ ਰੋਕ ਲਗਾਈ ਗਈ ਹੈ ਅਤੇ ਇਹ ਸੂਬਾ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੇ ਮੁਤਾਬਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਮਾਲ ਵਿਭਾਗ ਵਿਚਲੇ ਸੁਧਾਰਾਂ ਕਾਰਨ ਬਹੁਤ ਲਾਭ ਹੋਇਆ ਹੈ, ਜਿਸ ਨੇ ਲੋਕਾਂ ਨੂੰ ਵੱਡੇ ਪੱਧਰ `ਤੇ ਅਧਿਕਾਰ ਦਿੱਤੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕਿਸੇ ਵੀ ਕਰਮਚਾਰੀ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ ਅਤੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀ ਯੋਗਤਾ ਅਨੁਸਾਰ ਹੋਰ ਵਿਭਾਗਾਂ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਰਿਬਨ ਕੱਟੇ ਜਾਂਦੇ ਸਨ, ਹੁਣ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਦਫ਼ਤਰਾਂ ਨੂੰ ਤਾਲੇ ਲਗਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਪੰਜਾਬ ਵਿੱਚ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ ਤਾਂ ਜੋ ਲੋਕਾਂ ਦੀ ਬੇਲੋੜੀ ਲੁੱਟ ਨੂੰ ਰੋਕਿਆ ਜਾ ਸਕੇ।