- ਖ਼ਾਲਸਾ ਮਾਰਚ ਦਾ ਮਕਸਦ ਗੁਰਮਤਿ ਪ੍ਰਚਾਰ, ਨਸ਼ਿਆਂ ਵਿਰੁੱਧ ਜਾਗਰੂਕਤਾ ਤੇ ਸਮਾਜਿਕ ਬੁਰਾਈਆਂ ਖਿਲਾਫ਼ ਲਾਮਬੰਦੀ- ਐਡਵੋਕੇਟ ਧਾਮੀ
- ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਡਾਂ ਉੜਮੁੜ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ
ਟਾਂਡਾ/ਅੰਮ੍ਰਿਤਸਰ, 21 ਸਤੰਬਰ: ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਡਾਂ ਉੜਮੁੜ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਬੁਰਜ ਸਾਹਿਬ, ਧਾਰੀਵਾਲ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਪ੍ਰੇਰਣਾ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਉਦੇਸ਼ ਸੰਗਤ ਨੂੰ ਗੁਰੂ ਸਾਹਿਬ ਦਾ ਉਪਦੇਸ਼ ਦ੍ਰਿੜ ਕਰਵਾਉਣਾ ਹੈ ਕਿ ਸੁੱਖ-ਦੁੱਖ ਦੀ ਘੜੀ ਸਿੱਖ ਦੀ ਟੇਕ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ। ਗੁਰੂ ਅੱਗੇ ਅਰਦਾਸ ਕਰਕੇ ਜਦੋਂ ਸਿੱਖ ਜੀਵਨ ਦੇ ਰਾਹ 'ਤੇ ਤੁਰਦਾ ਹੈ ਤਾਂ ਗੁਰੂ ਸਾਹਿਬ ਉਸ ਨੂੰ ਚੜਦੀ ਕਲਾ ਦੀ ਦਾਤ ਬਖ਼ਸ਼ਦੇ ਹਨ। ਉਨਾਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖਾਂ ਨੂੰ ਇਕ ਪਰਿਵਾਰ ਵਾਂਗ ਜੋੜਿਆ ਹੈ। ਇਸ ਲਈ ਸਾਨੂੰ ਇੱਕ-ਦੂਜੇ ਦੇ ਦੁੱਖ-ਸੁੱਖ ਦੇ ਸਾਂਝੀਦਾਰ ਬਣ ਕੇ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਕੇ ਸਮਾਜ ਵਿਚ ਫੈਲੀਆਂ ਅਲਾਮਤਾਂ ਦਾ ਡੱਟ ਕੇ ਮੁਕਾਬਲਾ ਕਰਨਾ ਸਮੇਂ ਦੀ ਵੱਡੀ ਲੋੜ ਹੈ।
ਉਨਾਂ ਕਿਹਾ ਕਿ ਨਸ਼ਾ ਅੱਜ ਸਾਡੇ ਨੌਜਵਾਨਾਂ ਲਈ ਗੰਭੀਰ ਚੁਣੌਤੀ ਹੈ। ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨਾ, ਖੇਡ ਮੈਦਾਨਾਂ ਵੱਲ ਲੈ ਕੇ ਜਾਣਾ ਅਤੇ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨਾਂ ਕਿਹਾ ਕਿ ਗੁਰੂ ਸਾਹਿਬ ਦਾ ਸੰਦੇਸ਼ ਸਾਨੂੰ ਜਾਤ-ਪਾਤ ਅਤੇ ਵਿਤਕਰੇ ਤੋਂ ਉੱਪਰ ਉੱਠ ਕੇ ਮਨੁੱਖਤਾ ਨੂੰ ਇਕ ਅਕਾਲ ਪੁਰਖ ਦੀ ਜੋਤ ਵਜੋਂ ਦੇਖਣ ਦੀ ਪ੍ਰੇਰਣਾ ਦਿੰਦਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਦੀ ਵਫ਼ਾਦਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਰੂ ਪੰਥ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਅਟੱਲ ਹੈ। ਸਿੱਖ ਕੌਮ ਵਿਚ ਚੜਦੀ ਕਲਾ, ਗੁਰਮਤਿ ਜੀਵਨ, ਪੰਥਕ ਏਕਤਾ ਅਤੇ ਨੌਜਵਾਨ ਪੀੜੀ ਨੂੰ ਗੁਰੂ ਨਾਲ ਜੋੜਨ ਦਾ ਸੰਦੇਸ਼ ਲੈ ਕੇ ਮੀਰੀ-ਪੀਰੀ ਖ਼ਾਲਸਾ ਮਾਰਚ ਅੱਗੇ ਵੱਧ ਰਿਹਾ ਹੈ। ਇਸ ਮਾਰਚ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋ ਰਹੀਆਂ ਹਨ ਅਤੇ ਇਹ ਵੀ ਉਤਸ਼ਾਹਜਨਕ ਗੱਲ ਹੈ ਕਿ ਵੱਡੀ ਗਿਣਤੀ ਵਿਚ ਨੌਜਵਾਨਾਂ ਵੱਲੋਂ ਕੇਸ ਰੱਖਣ ਅਤੇ ਗੁਰੂ ਦੇ ਸਿਧਾਂਤਾਂ ਅਨੁਸਾਰ ਜੀਵਨ ਜਿਊਣ ਦਾ ਪ੍ਰਣ ਕੀਤਾ ਜਾ ਰਿਹਾ ਹੈ। ਇਹੀ ਇਸ ਮਾਰਚ ਦੀ ਅਸਲ ਸਫਲਤਾ ਅਤੇ ਪੰਥ ਦੀ ਚੜਦੀ ਕਲਾ ਦਾ ਪ੍ਰਤੀਕ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮਕਸਦ ਜਿਥੇ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾ ਤੋਂ ਜਾਣੂ ਕਰਵਾਉਣਾ ਹੈ, ਉਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਕਰਨਾ ਹੈ। ਉਨਾਂ ਕਿਹਾ ਕਿ ਮੀਰੀ ਪੀਰੀ ਇਕ ਸ਼ਬਦ ਹੀ ਨਹੀਂ, ਸਗੋਂ ਸਿੱਖ ਜੀਵਨ ਦਾ ਬੁਨਿਆਦੀ ਸਿਧਾਂਤ ਹੈ। ਇਸ ਸਿਧਾਂਤ ਨਾਲ ਗੁਰੂ ਸਾਹਿਬ ਨੇ ਸਾਨੂੰ ਅਧਿਆਤਮਿਕਤਾ ਦੇ ਨਾਲ-ਨਾਲ ਸਮਾਜਿਕ ਜਿੰਮੇਵਾਰੀ ਨਿਭਾਉਣ ਅਤੇ ਸੱਚ ਲਈ ਖੜੇ ਹੋਣ ਦਾ ਮਾਰਗ ਦਿਖਾਇਆ। ਇਸ ਸਿਧਾਂਤ 'ਤੇ ਪਹਿਰਾ ਦੇਣਾ ਹਰ ਸਿੱਖ ਦਾ ਫਰਜ ਹੈ। ਉਨਾਂ ਸੰਗਤਾਂ ਵੱਲੋਂ ਮਿਲ ਰਹੇ ਭਰਵੇਂ ਸਹਿਯੋਗ ਲਈ ਧੰਨਵਾਦ ਵੀ ਕੀਤਾ।
ਇਸ ਮੌਕੇ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਨੇ ਕਿਹਾ ਕਿ ਸੰਗਤਾਂ ਨੂੰ ਗੁਰਮਤਿ ਅਤੇ ਸਿੱਖ ਇਤਿਹਾਸ ਨਾਲ ਜੋੜਨ ਲਈ ਅਜਿਹੇ ਉਪਰਾਲੇ ਸ਼ਲਾਘਾਯੋਗ ਕਾਰਜ ਹੈ। ਉਨਾਂ ਖ਼ਾਲਸਾ ਮਾਰਚ ਵਿਚ ਪੁੱਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਗੁਰਬਾਣੀ ਅਤੇ ਗੁਰਮਤਿ ਸਿਧਾਂਤਾਂ ਨਾਲ ਜੁੜ ਕੇ ਆਪਣੇ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜੀਏ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਗੁਰਦਿਆਲ ਸਿੰਘ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਨਿਭਾਈ। ਖ਼ਾਲਸਾ ਮਾਰਚ ਦੌਰਾਨ ਜਿਥੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ। ਜਿਥੇ ਵੱਖ-ਵੱਖ ਪੜਾਵਾਂ 'ਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ ਉਥੇ ਬਾਬਾ ਤੇਜਾ ਸਿੰਘ ਖੁਡੇ ਕੁਰਾਲੇ ਵਾਲਿਆਂ ਨੇ ਵੀ ਸੰਗਤਾਂ ਸਮੇਤ ਹਾਜਰੀ ਭਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟ ਕੀਤੀ।