ਚੰਡੀਗੜ੍ਹ , ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਭਗਵੰਤ ਮਾਨ ਸਰਕਾਰ ਦੀ ਦਲਿਤਾਂ ਪ੍ਰਤੀ ਕਥਿਤ ਅਸੰਵੇਦਨਸ਼ੀਲ ਸੋਚ ਨੂੰ ਬੇਨਕਾਬ ਕਰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਪਣੇ ਜਾਇਜ਼ ਹੱਕਾਂ ਲਈ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਵਿਰੁੱਧ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਰਾਜਨੀਤਿਕ ਦਬਾਅ ਹੇਠ ਕੀਤੀ ਗਈ, ਜੋ ਲੋਕਤੰਤਰੀ ਅਧਿਕਾਰਾਂ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ ਦੇ ਉਲਟ ਹੈ।
ਕੈਂਥ ਨੇ ਕਿਹਾ ਕਿ ਕੌਮੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਇਸ ਮਾਮਲੇ ਦਾ ਸੁ-ਮੋਟੋ ਨੋਟਿਸ ਲੈ ਕੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕਰਨਾ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਰਾਜ ਸਰਕਾਰ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਮਾਮਲੇ ਦੀ ਨਿਰਪੱਖ ਅਤੇ ਸਮੇਂਬੱਧ ਜਾਂਚ ਕਰਵਾਈ ਜਾਵੇ ਅਤੇ ਪੀੜਤ ਸਫਾਈ ਕਰਮਚਾਰੀਆਂ ਨੂੰ ਯੋਗ ਮੁਆਵਜ਼ਾ, ਸੁਰੱਖਿਆ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸੰਵਿਧਾਨ ਹਰ ਨਾਗਰਿਕ ਨੂੰ ਸਨਮਾਨ ਨਾਲ ਜੀਵਨ ਜਿਊਣ ਅਤੇ ਸ਼ਾਂਤੀਪੂਰਨ ਢੰਗ ਨਾਲ ਆਪਣੀ ਆਵਾਜ਼ ਉਠਾਉਣ ਦਾ ਅਧਿਕਾਰ ਦਿੰਦਾ ਹੈ। ਜੇਕਰ ਸਰਕਾਰ ਦੋਸ਼ੀਆਂ ਵਿਰੁੱਧ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਨਾਕਾਮ ਰਹੀ, ਤਾਂ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਭਰ ਵਿੱਚ ਲੋਕਤੰਤਰੀ ਅਤੇ ਸੰਵਿਧਾਨਕ ਢੰਗ ਨਾਲ ਵਿਆਪਕ ਜਨ ਅੰਦੋਲਨ ਸ਼ੁਰੂ ਕਰੇਗਾ ਅਤੇ ਪੀੜਤ ਸਫਾਈ ਕਰਮਚਾਰੀਆਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸੰਘਰਸ਼ ਕਰੇਗਾ।