Wednesday, July 15, 2026

Punjab

ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ - ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | July 15, 2026 05:19 PM

- ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈਆਂ ਅੰਤ੍ਰਿੰਗ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਇਕੱਤਰਤਾਵਾਂ

ਅੰਮ੍ਰਿਤਸਰ, 15 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਕੱਤਰਤਾ ’ਚ ਲਏ ਗਏ ਫੈਸਲਿਆਂ ਸਬੰਧੀ ਜਾਰੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਦੀ ਅੰਤ੍ਰਿੰਗ ਕਮੇਟੀ ’ਚ ਮਤਾ ਪਾਸ ਕਰਦਿਆਂ ਸੰਨ 80-90 ਦੇ ਦਹਾਕਿਆਂ ਦੌਰਾਨ ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਕਾਲਾ ਸੱਚ ਹੈ ਕਿ ਇਸ ਦੌਰ ਦੌਰਾਨ ਸਿੱਖ ਨੌਜਵਾਨੀ ਦਾ ਸਰਕਾਰੀ ਤੌਰ ’ਤੇ ਮਿੱਥ ਕੇ ਘਾਣ ਕੀਤਾ ਗਿਆ। ਸਿੱਖਾਂ ਦੀ ਰੂਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਅਨੇਕਾਂ ਗੁਰਦੁਆਰਾ ਸਾਹਿਬਾਨ ਨੂੰ ਨਿਸ਼ਾਨਾ ਬਣਾਇਆ ਗਿਆ। ਦਿੱਲੀ, ਕਾਨਪੁਰ, ਬੋਕਾਰੋ ਸਮੇਤ ਕਈ ਸ਼ਹਿਰਾਂ ਵਿਚ ਸਿੱਖ ਕਤਲੇਆਮ ਕੀਤਾ ਗਿਆ ਅਤੇ ਇਸ ਤੋਂ ਬਾਅਦ ਪੰਜਾਬ ਵਿਚ ਇੱਕ ਦਹਾਕਾ ਹਜ਼ਾਰਾਂ ਬੇਦੋਸ਼ੇ ਸਿੱਖਾਂ ਨੂੰ ਮਾਰਿਆ ਗਿਆ। ਇਨ੍ਹਾਂ ਸਿੱਖਾਂ ਦੀਆਂ ਲਾਸ਼ਾਂ ਤਕ ਵੀ ਪਰਿਵਾਰਾਂ ਨੂੰ ਨਾ ਦਿੱਤੀਆਂ ਗਈਆਂ, ਜਿਸ ਕਰਕੇ ਅੱਜ ਤਕ ਉਨ੍ਹਾਂ ਦੇ ਪਰਿਵਾਰ ਉਡੀਕ ਕਰ ਰਹੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਮਾਰੇ ਗਏ, ਲਾਵਾਰਿਸ ਕਹਿ ਕੇ ਸਾੜੇ ਗਏ ਤੇ ਨਹਿਰਾਂ ਦਰਿਆਵਾਂ ਵਿਚ ਵਹਾਅ ਦਿੱਤੇ ਗਏ ਨਿਰਦੋਸ਼ ਸਿੱਖਾਂ ਦਾ ਸੱਚ ਸਾਹਮਣੇ ਲਿਆਉਣ ਲਈ ਹਿੰਮਤ ਕਰਨ, ਮਨੁੱਖੀ ਅਧਿਕਾਰਾਂ ਲਈ ਲੜਾਈ ਲੜਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਵੀ ਪੁਲਿਸ ਵੱਲੋਂ ਤਸ਼ੱਦਦ ਕਰਕੇ ਸ਼ਹੀਦ ਕਰ ਦਿੱਤਾ ਗਿਆ ਅਤੇ ਉਨ੍ਹਾਂ ਦਾ ਸਰੀਰ ਹਰੀਕੇ ਪੱਤਣ ’ਤੇ ਨਹਿਰ ਵਿਚ ਰੋੜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਿਲਸਿਲਾ ਸਰਕਾਰੀ ਅੱਤਿਆਚਾਰ ਦੀ ਸਿਖਰ ਸੀ, ਜਿਸ ਨੂੰ ਚੇਤੇ ਕਰਕੇ ਅੱਜ ਵੀ ਪੰਜਾਬ ਦੇ ਲੋਕ ਸੁੰਨ ਹੋ ਜਾਂਦੇ ਹਨ। ਪਾਸ ਕੀਤੇ ਮਤੇ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦਾ ਸਿੱਖ ਕਤਲੇਆਮ ਦੇ ਪੀੜ੍ਹਤ ਸ਼ਹੀਦਾਂ ਲਈ ਹਰੀਕੇ ਪੱਤਣ ਵਿਖੇ ਸਮੂਹਿਕ ਅਰਦਾਸ ਕਰਨ ਦੇ ਉਪਰਾਲੇ ਦਾ ਸਤਿਕਾਰ ਕੀਤਾ ਗਿਆ ਅਤੇ ਇਸ ਮੌਕੇ ਕੀਤੇ ਗਏ ਆਦੇਸ਼ ਪ੍ਰਤੀ ਵਚਨਬੱਧਤਾ ਪ੍ਰਗਟਾਈ ਗਈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸੇ ਤਰ੍ਹਾਂ ਇਕ ਹੋਰ ਮਤਾ ਪਾਸ ਕਰਦਿਆਂ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਨੌਜੁਆਨਾਂ ਲਈ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 1980 ਤੋਂ ਬਾਅਦ ਪੰਜਾਬ ਵਿੱਚ ਵਾਪਰੀਆਂ ਸਿੱਖ ਵਿਰੋਧੀ ਘਟਨਾਵਾਂ ਦੌਰਾਨ ਸਰਕਾਰਾਂ ਵੱਲੋਂ ਸਿੱਖਾਂ ਦੇ ਪਾਵਨ ਅਸਥਾਨਾਂ ਅਤੇ ਸਿੱਖ ਨੌਜੁਆਨਾਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਗਿਆ। ਇਸੇ ਦੇ ਵਿਰੋਧ ਵਿਚ ਕਈ ਨੌਜਵਾਨ ਸੰਘਰਸ਼ ਦੇ ਰਾਹ ਪੈਣ ਲਈ ਮਜ਼ਬੂਰ ਹੋਏ। ਇਨ੍ਹਾਂ ਵਿੱਚੋਂ ਕਈ ਅੱਜ ਤਿੰਨ-ਤਿੰਨ ਦਹਾਕੇ ਦੀਆਂ ਸਜ਼ਾਵਾਂ ਭੁਗਤਣ ਦੇ ਬਾਅਦ ਵੀ ਜ਼ੇਲ੍ਹਾਂ ਵਿਚ ਬੰਦ ਹਨ।

ਇਨ੍ਹਾਂ ਸੰਘਰਸ਼ੀ ਨੌਜਵਾਨਾਂ ਨੇ ਭਾਰਤੀ ਕਨੂੰਨ ਅਨੁਸਾਰ ਮਿਲੀਆਂ ਸਜਾ਼ਵਾਂ ਤੋਂ ਕਿਤੇ ਵਧੇਰੇ ਸਮਾਂ ਜੇਲ੍ਹਾਂ ਵਿਚ ਗੁਜ਼ਾਰਿਆ ਹੈ। ਲੰਬੇ ਸਮੇਂ ਤੋਂ ਕੈਦ ਰਹਿਣ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਸਬੰਧੀ ਸਿੱਖ ਕੌਮ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਸਿੱਖ ਨੌਜਵਾਨਾਂ ਤੇ ਤਸ਼ੱਦਦ ਕਰਨ ਅਤੇ ਬੇਦੋਸ਼ਿਆਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ਅਧਿਕਾਰੀ ਜਿਨ੍ਹਾਂ ਨੂੰ ਅਦਾਲਤਾਂ ਨੇ ਦੋਸ਼ੀ ਮੰਨਿਆ ਹੈ, ਨੂੰ ਮੌਜੂਦਾ ਸਰਕਾਰ ਵੱਲੋਂ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਹਰ ਤਰੀਕਾ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਦੋਹਰੀ ਨੀਤੀ ਸਰਕਾਰਾਂ ਦੇ ਸਿੱਖ ਵਿਰੋਧੀ ਚਿਹਰੇ ਨੂੰ ਨੰਗਾ ਕਰਦੀ ਹੈ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵਿਚ ਗੁਰਦੁਆਰਾ ਸਾਹਿਬਾਨ, ਟਰੱਸਟ, ਪ੍ਰੈੱਸਾਂ ਦੇ ਮਾਮਲਿਆਂ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ। ਇਸੇ ਦੌਰਾਨ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਸਿੱਖੀ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਲਈ ਵਿਚਾਰਾਂ ਹੋਈਆਂ।

ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਤੇਜਿੰਦਰਪਾਲ ਸਿੰਘ ਲਾਂਡਵਾਂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਸ. ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਨਾਮ ਸਿੰਘ, ਸ. ਸੁਖਬੀਰ ਸਿੰਘ, ਸ. ਅਜ਼ਾਦ ਦੀਪ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ ਤੇ ਸ. ਅਮਨਦੀਪ ਸਿੰਘ ਆਦਿ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ

ਮੈਂ ਸੱਤਾ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਸਿਆਸਤ ਕਰਦਾ ਹਾਂ, ਸੂਬੇ ਨੂੰ ਹਰ ਖ਼ੇਤਰ 'ਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: CM ਮਾਨ

ਪਿਛਲੇ 3 ਸਾਲਾਂ 'ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਪਰਿਵਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ISI ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਤੇਜਾ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

‘ਮੁੱਖ ਮੰਤਰੀ ਸਿਹਤ ਯੋਜਨਾ’: 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਮਿਲਿਆ

ਸਿਗਲੀਕਰ ਬਿਰਾਦਰੀ ਨਾਲ ਸੰਬੰਧਿਤ 26 ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਤਹਿਸੀਲਦਾਰ-ਕਮ-ਚਾਰਜ ਅਫ਼ਸਰ (ਮਰਦਮਸ਼ੁਮਾਰੀ) ਗੁਰਪ੍ਰੀਤ ਸਿੰਘ ਢਿੱਲੋਂ ਵੱਲੋਂ ਮਰਦਮਸ਼ੁਮਾਰੀ ਸੁਪਰਵਾਈਜ਼ਰਾਂ ਅਤੇ ਗਿਣਤਾਕਾਰਾਂ ਦਾ ਸਨਮਾਨ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਪੰਜਾਬੀ ਸ਼ਾਰਟਹੈਂਡ ਜਮਾਤਾਂ 2026-27 ਲਈ ਦਾਖਲਾ ਸ਼ੁਰੂ

ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ, ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾਵੇਗਾ: CM ਮਾਨ