ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਬੱਸਾਂ ਨਾਲ ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੇ ਪੀੜਤਾਂ ਨਾਲ ਅੱਜ ਮੁਲਾਕਾਤ ਕੀਤੀ ਅਤੇ ਇਸ ਦੁਰਘਟਨਾ ਵਿੱਚ ਕੀਮਤੀ ਜਾਨਾਂ ਚਲੇ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਵਿਅਕਤੀਆਂ ਦਾ ਬਿਹਤਰ ਡਾਕਟਰੀ ਇਲਾਜ ਵੀ ਯਕੀਨੀ ਬਣਾਏਗੀ।
ਐਕਸ 'ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਅੱਜ ਮੈਂ ਨੌਸ਼ਹਿਰਾ ਪੰਨੂਆਂ ਨੇੜੇ ਵਾਪਰੇ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆਂ ਦਾ ਹਾਲ-ਚਾਲ ਜਾਣਨ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ਦਾ ਦੌਰਾ ਕੀਤਾ। ਪ੍ਰਮਾਤਮਾ ਦੀ ਮਿਹਰ ਨਾਲ ਜ਼ਿਆਦਾਤਰ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ ਅਤੇ ਉਮੀਦ ਹੈ ਕਿ ਉਹ ਜਲਦੀ ਠੀਕ ਹੋ ਕੇ ਘਰ ਪਰਤਣਗੇ। ਮੈਂ ਇਸ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਪੰਜ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ। ਸਰਕਾਰ ਵੱਲੋਂ ਹਰੇਕ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਨੂੰ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦੇ ਨਾਲ-ਨਾਲ ਡਾਕਟਰੀ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਰਕਾਰ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”
ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਹਾਦਸੇ ਵਿੱਚ 11 ਵਿਅਕਤੀ ਜ਼ਖ਼ਮੀ ਹੋਏ ਹਨ, ਜਦਕਿ ਚਾਰ ਸ਼ਰਧਾਲੂਆਂ ਅਤੇ ਇੱਕ ਮੋਟਰਸਾਈਕਲ ਸਵਾਰ ਦੀ ਦੁਖਦਾਈ ਮੌਤ ਹੋ ਗਈ ਹੈ।
ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਹੀ ਦੁਖਦਾਇਕ ਘਟਨਾ ਹੈ। ਮੈਂ ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਸ਼ਰੀਕ ਹੁੰਦਾ ਹਾਂ ਅਤੇ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ। ਪੰਜਾਬ ਸਰਕਾਰ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਵਿਅਕਤੀ ਨੂੰ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਵੇਗੀ। ਜ਼ਖ਼ਮੀਆਂ ਦਾ ਸਾਰਾ ਡਾਕਟਰੀ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।”
ਉਨ੍ਹਾਂ ਅੱਗੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਅਤੇ ਜ਼ਖ਼ਮੀਆਂ ਦਾ ਵਧੀਆ ਤੋਂ ਵਧੀਆ ਇਲਾਜ ਯਕੀਨੀ ਬਣਾਉਣ।
ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਪੀੜਤ ਪਰਿਵਾਰਾਂ ਨੂੰ ਇਹ ਨਾ ਪੂਰੇ ਜਾਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ੇ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਵੇ।”