- ਪਾਣੀ ਦੀ ਨਿਕਾਸੀ, ਨਾਲਿਆਂ ਦੀ ਸਫ਼ਾਈ ਅਤੇ ਪਾਣੀ ਖੜ੍ਹਨ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼
ਡੇਰਾਬੱਸੀ, 14 ਜੁਲਾਈ (ਹਰਜਿੰਦਰ ਸਿੰਘ ਭੱਟੀ): ਮੌਨਸੂਨ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਐਸ.ਡੀ.ਐਮ. ਡੇਰਾਬੱਸੀ ਸ਼੍ਰੀ ਅਮਿਤ ਗੁਪਤਾ ਦੀ ਮੌਜੂਦਗੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਮੀਟਿੰਗ ਵਿੱਚ ਪੀ.ਡਬਲਿਊ.ਡੀ. (ਸਟੇਟ ਅਤੇ ਨੈਸ਼ਨਲ ਹਾਈਵੇ), ਨਗਰ ਕੌਂਸਲ ਡੇਰਾਬੱਸੀ, ਮਾਈਨਿੰਗ ਅਤੇ ਡਰੇਨੇਜ ਵਿਭਾਗ ਅਤੇ ਬੀ.ਡੀ.ਪੀ.ਓ. ਦਫ਼ਤਰ ਡੇਰਾਬੱਸੀ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ ਮੌਨਸੂਨ ਦੌਰਾਨ ਪਾਣੀ ਦੀ ਨਿਕਾਸੀ, ਨਾਲਿਆਂ ਦੀ ਸਫ਼ਾਈ, ਸੜਕਾਂ ਦੀ ਸਥਿਤੀ ਅਤੇ ਸੰਭਾਵਿਤ ਪਾਣੀ ਭਰਨ ਵਾਲੇ ਖੇਤਰਾਂ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਮੌਨਸੂਨ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇ ਯੋਗ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਵਿਭਾਗ ਪੂਰੀ ਤਰ੍ਹਾਂ ਤਿਆਰ ਰਹਿਣ।
ਇਸ ਮੌਕੇ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਆਸ਼ੂ ਉਪਨੇਜਾ, ਮੀਤ ਪ੍ਰਧਾਨ ਦਵਿੰਦਰ ਸੈਣੀ, ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਜੋਰਵਾਰ ਸਿੰਘ, ਸੀਨੀਅਰ ਵਾਈਸ ਪ੍ਰਧਾਨ ਹਰੀਸ਼ ਮਦਾਨ, ਵਾਈਸ ਪ੍ਰਧਾਨ ਅਮਨ ਰਾਣਾ ਅਤੇ ਵਿਧਾਇਕ ਦੇ ਸਲਾਹਕਾਰ ਰਾਹੁਲ ਕੌਸ਼ਿਕ ਵੀ ਹਾਜ਼ਰ ਸਨ।