- ਐਡਵੋਕੇਟ ਧਾਮੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਪ੍ਰਤੀ ਪ੍ਰਗਟਾਈ ਸੰਵੇਦਨਾ
- ਅਕਾਲ ਚਲਾਣਾ ਕਰਨ ਵਾਲਿਆਂ ਦੀ ਆਤਮਿਕ ਸ਼ਾਂਤੀ ਤੇ ਜ਼ਖਮੀਆਂ ਦੀ ਸਿਹਤਯਾਬੀ ਲਈ ਕੀਤੀ ਅਰਦਾਸ
ਫਤਿਹਗੜ੍ਹ ਸਾਹਿਬ, 15 ਅਪ੍ਰੈਲ: ਫਤਿਹਗੜ੍ਹ ਸਾਹਿਬ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲੈ ਕੇ ਆ ਰਹੀ ਇੱਕ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਅਤੇ ਪਲਟ ਗਈ, ਜਿਸ ਕਾਰਨ ਬੱਸ 'ਚ ਕਰੰਟ ਆ ਗਿਆ। ਇਸ ਹਾਦਸੇ ਵਿੱਚ ਅੱਠ ਸ਼ਰਧਾਲੂਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਦੋ ਭਰਾ ਵੀ ਸ਼ਾਮਲ ਸਨ। 21 ਸ਼ਰਧਾਲੂ, ਜਿਨ੍ਹਾਂ ਵਿੱਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ, ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਸਮੇਂ, 40 ਲੋਕ ਸਵਾਰ ਸਨ, ਅਤੇ ਉਨ੍ਹਾਂ ਨੂੰ ਘਰ ਵਾਪਸ ਜਾਣ ਲਈ ਲਗਭਗ ਡੇਢ ਕਿਲੋਮੀਟਰ ਬਾਅਦ ਉਤਰਨਾ ਸੀ। ਹਾਦਸੇ ਦੀ ਜਾਣਕਾਰੀ ਮਿਲਦੇ ਹੀ, ਸਥਾਨਕ ਨਿਵਾਸੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਬਚਾਇਆ। ਫਤਿਹਗੜ੍ਹ ਸਾਹਿਬ ਦੇ ਐਸਐਸਪੀ ਡਾ. ਸ਼ੁਭਮ ਅਗਰਵਾਲ ਨੇ ਕਿਹਾ ਕਿ ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ, "ਮੈਨੂੰ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਮੈਂ ਉਨ੍ਹਾਂ ਲੋਕਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।"
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਦੇ ਬੀਤੀ ਰਾਤ ਹਾਦਸਾ-ਗ੍ਰਸਤ ਹੋਣ ਨਾਲ 6 ਸ਼ਰਧਾਲੂਆਂ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਾਦਸੇ ਵਿਚ ਜ਼ਖ਼ਮੀ ਹੋਏ ਸ਼ਰਧਾਲੂਆਂ ਪ੍ਰਤੀ ਵੀ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਵਿਚ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਲਈ ਇਹ ਬੇਹੱਦ ਦੁਖਦਾਈ ਸਮਾਂ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਰਤਾ ਪੁਰਖ ਅੱਗੇ ਅਕਾਲ ਚਲਾਣਾ ਕਰ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬਜ਼ੀ ਦੀ ਅਰਦਾਸ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁੱਖ ਦੀ ਘੜੀ ’ਚ ਪਰਿਵਾਰਾਂ ਦੇ ਨਾਲ ਹੈ ਅਤੇ ਪੀੜ੍ਹਤਾਂ ਦੀ ਸੰਭਵ ਸਹਾਇਤਾ ਕੀਤੀ ਜਾਵੇਗੀ।