- ਸਰਾਂ ਦੇ ਕਰਮਚਾਰੀ ਵੱਲੋਂ ਰਿਕਾਰਡ ਨਾਲ ਛੇੜਛਾੜ ਆਈ ਸਾਹਮਣੇ
ਅੰਮ੍ਰਿਤਸਰ, 6 ਅਕਤੂਬਰ: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਨੇ ਆਪਣੀ ਮੁੱਢਲੀ ਰਿਪੋਰਟ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੀ ਹੈ। ਇਸ ਰਿਪੋਰਟ ਵਿਚ ਗੁਰਦੁਆਰਾ ਪ੍ਰਬੰਧ ਨਾਲ ਸਬੰਧਤ ਰਿਕਾਰਡ, ਸਰਾਵਾਂ ਦੇ ਰਜਿਸਟਰਾਂ ਅਤੇ ਹੋਰ ਦਸਤਾਵੇਜ਼ਾਂ ਦੇ ਆਧਾਰ ’ਤੇ ਸਾਹਮਣੇ ਆਏ ਤੱਥ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਸਾਂਝੇ ਕੀਤੇ ਅਤੇ ਪੂਰੀ ਰਿਪੋਰਟ ਜਨਤਕ ਕੀਤੀ।
ਪੜਤਾਲੀਆ ਕਮੇਟੀ ਦੀ ਸਿਫਾਰਸ਼ ’ਤੇ ਸਾਬਕਾ ਮੈਨੇਜਰ ਤੇ ਸਰਾਂ ਦਾ ਕਰਮਚਾਰੀ ਮੁਅੱਤਲ - ਕਾਹਲਵਾਂ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਦਿੱਤੀ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗਠਤ ਕੀਤੀ ਪੜਤਾਲੀਆ ਕਮੇਟੀ ਦੀ ਸਿਫ਼ਾਰਸ਼ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ੁੰਮੇਵਾਰੀ ’ਚ ਕੁਤਾਹੀ ਕਰਨ ਦੇ ਦੋਸ਼ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਮੈਨੇਜਰ ਮਲਕੀਤ ਸਿੰਘ ਅਤੇ ਰਜਿਸਟਰਾਂ ਵਿਚ ਛੇੜਛਾੜ ਕਰਕੇ ਗ਼ਲਤ ਇੰਦਰਾਜ ਦਰਜ ਕਰਨ ਵਾਲੇ ਸਰਾਂ ਦੇ ਇੰਚਾਰਜ ਅਮਰੀਕ ਸਿੰਘ ਨੂੰ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਰਾਂ ਵਿਚ ਹੈਲਪਰ ਵਜੋਂ ਡਿਊਟੀ ਨਿਭਾ ਰਹੇ ਭਾਈ ਪ੍ਰਭਜੋਤ ਸਿੰਘ ਦੀ ਵੀ ਤਬਦੀਲੀ ਕੀਤੀ ਗਈ ਹੈ। ਇਸ ਮਾਮਲੇ ਵਿਚ ਅੱਗੋਂ ਵਿਭਾਗੀ ਪੜਤਾਲ ਜਾਰੀ ਰੱਖਣ ਦਾ ਵੀ ਆਦੇਸ਼ ਕੀਤਾ ਗਿਆ ਹੈ।