- *ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਅਹਿਮ ਸਿੰਚਾਈ ਪ੍ਰੋਜੈਕਟ*
- *10 ਪਿੰਡਾਂ ਦੀ 8 ਹਜ਼ਾਰ ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਬਿਹਤਰ ਸਿੰਚਾਈ ਸਹੂਲਤਾਂ ਦਾ ਲਾਭ*
- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਕੀਤਾ ਧੰਨਵਾਦ; ਹਜ਼ਾਰਾਂ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ*
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਕੈਬਨਿਟ ਮੰਤਰੀ ਅਤੇ ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 11 ਕਰੋੜ ਰੁਪਏ ਦੀ ਲਾਗਤ ਵਾਲੇ ਨਿਊ ਚੌਂਤਰਾ ਮਾਈਨਰ ਰੀਲਾਈਨਿੰਗ ਪ੍ਰੋਜੈਕਟ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਦੇ ਲਗਾਤਾਰ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਹੈ, ਜਿਸ ਨਾਲ ਨਹਿਰੀ ਸਿੰਚਾਈ 'ਤੇ ਨਿਰਭਰ ਹਜ਼ਾਰਾਂ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਡਾ. ਬਲਜੀਤ ਕੌਰ ਨੇ ਇਸ ਅਹਿਮ ਪ੍ਰੋਜੈਕਟ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਦੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰੇਗਾ ਅਤੇ ਸਿੰਚਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰੇਗਾ।
ਪਿੰਡ ਬੱਲਮਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਨਤਮਸਤਕ ਹੋਣ ਲਈ ਪੁੱਜੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਇਲਾਕਾ ਵਾਸੀਆਂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੰਗਤ ਅਤੇ ਪਿੰਡ ਵਾਸੀਆਂ ਨੇ ਨਿਊ ਚੌਂਤਰਾ ਮਾਈਨਰ ਰੀਲਾਈਨਿੰਗ ਪ੍ਰੋਜੈਕਟ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਸਿੰਚਾਈ ਪ੍ਰਬੰਧ ਹੋਰ ਮਜ਼ਬੂਤ ਹੋਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਪ੍ਰੋਜੈਕਟ ਪੂਰੀ ਪਾਰਦਰਸ਼ਤਾ, ਗੁਣਵੱਤਾ ਅਤੇ ਸਮਾਂ-ਬੱਧ ਢੰਗ ਨਾਲ ਅੱਗੇ ਵਧਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਤਹਿਤ ਮੌਜੂਦਾ ਇੱਟਾਂ ਦੀ ਲਾਈਨਿੰਗ ਨੂੰ ਬਦਲ ਕੇ ਇਸ ਦੀ ਥਾਂ ਮਜ਼ਬੂਤ ਕੰਕਰੀਟ ਲਾਈਨਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 54, 000 ਫੁੱਟ ਲੰਬੇ ਨਹਿਰੀ ਹਿੱਸੇ ਦੇ ਆਧੁਨਿਕੀਕਰਨ ਨਾਲ ਪਾਣੀ ਦਾ ਰਿਸਾਅ ਘਟੇਗਾ, ਪਾਣੀ ਦੀ ਪਹੁੰਚ ਸਮਰੱਥਾ ਵਿੱਚ ਸੁਧਾਰ ਆਵੇਗਾ ਅਤੇ ਖੇਤਾਂ ਤੱਕ ਪਾਣੀ ਦੀ ਬਿਹਤਰ ਤੇ ਬਰਾਬਰ ਵੰਡ ਯਕੀਨੀ ਬਣੇਗੀ।
ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਲਾਭ ਸੱਦਰਵਾਲਾ, ਮੌੜ, ਬਧਾਈ, ਚੱਕ ਬਧਾਈ, ਬੱਲਮਗੜ੍ਹ, ਰਾਮਗੜ੍ਹ ਚੁੰਗਾ, ਜਾਨੀਸਰ, ਭਾਗਸਰ, ਚੱਕ ਮਦਰੱਸਾ ਅਤੇ ਮਹਾਂਭੱਦਰ ਸਮੇਤ 10 ਪਿੰਡਾਂ ਦੇ ਕਿਸਾਨਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਬਿਹਤਰ ਸਿੰਚਾਈ ਸਹੂਲਤਾਂ ਨਾਲ ਕਿਸਾਨਾਂ ਨੂੰ ਸਮੇਂ ਸਿਰ ਪਾਣੀ ਮਿਲੇਗਾ, ਪਾਣੀ ਦੀ ਬਰਬਾਦੀ ਘਟੇਗੀ ਅਤੇ ਖੇਤੀਬਾੜੀ ਉਤਪਾਦਕਤਾ ਵਿੱਚ ਵਾਧਾ ਹੋਵੇਗਾ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਖੁਸ਼ਹਾਲੀ, ਪੇਂਡੂ ਵਿਕਾਸ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ-ਹਿਤੈਸ਼ੀ ਪ੍ਰੋਜੈਕਟ ਨਾ ਸਿਰਫ਼ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਗੇ, ਸਗੋਂ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਸਮੇਤ ਸੂਬੇ ਦੇ ਹਰ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤਾਂ ਜੋ ਵਿਕਾਸ ਦਾ ਲਾਭ ਹਰ ਪਿੰਡ ਅਤੇ ਹਰ ਕਿਸਾਨ ਤੱਕ ਪਹੁੰਚ ਸਕੇ।