ਚੰਡੀਗੜ੍ਹ: ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਕਿਰਪਾਲ ਸਿੰਘ ਬਡੂੰਗਰ ਦੀ ਸੁਪਤਨੀ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇੱਕ ਸ਼ੋਕ ਸੰਦੇਸ਼ ਵਿੱਚ ਗੱਤਕਾ ਪ੍ਰਮੋਟਰ ਗਰੇਵਾਲ ਨੇ ਕਿਹਾ ਕਿ ਜਥੇਦਾਰ ਬਡੂੰਗਰ ਤੇ ਉਨ੍ਹਾਂ ਦੇ ਪਰਿਵਾਰ ਨੂੰ ਹੋਏ ਇਸ ਹਿਰਦੇਵੇਧਕ ਘਾਟੇ 'ਤੇ ਸਮੁੱਚਾ ਸਿੱਖ ਭਾਈਚਾਰਾ ਉਨ੍ਹਾਂ ਦੇ ਇਸ ਦੁੱਖ ਵਿੱਚ ਇੱਕਜੁੱਟ ਹੈ। ਹਰਜੀਤ ਸਿੰਘ ਗਰੇਵਾਲ ਨੇ ਮਰਹੂਮ ਸ੍ਰੀਮਤੀ ਬਡੂੰਗਰ ਵੱਲੋਂ ਸਿੱਖੀ ਦੀ ਪ੍ਰਫੁੱਲਤਾ ਪਾਏ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਵਿਚਾਰਵਾਨ ਸਿੱਖ ਔਰਤ ਸਨ, ਜਿਨ੍ਹਾਂ ਨੇ ਸਿੱਖੀ ਦੀਆਂ ਕਦਰਾਂ-ਕੀਮਤਾਂ ਨੂੰ ਪ੍ਰਸਾਰਿਤ ਕਰਨ ਅਤੇ ਪੰਥ ਦੀ ਸੇਵਾ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ।
ਜਥੇਦਾਰ ਬਡੂੰਗਰ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਹਰਜੀਤ ਸਿੰਘ ਗਰੇਵਾਲ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਤੇ ਦੁਖੀ ਪਰਿਵਾਰ ਨੂੰ ਇਹ ਦੁੱਖ ਸਹਿਣ ਸਮੇਂ ਦਿਲਾਸਾ ਅਤੇ ਤਾਕਤ ਬਖਸ਼ਿਸ਼ ਕਰਨ।
ਬੀਬੀ ਬਡੂੰਗਰ ਦੇ ਗੁਰਸਿੱਖੀ ਜੀਵਨ ਅਤੇ ਵਿਰਾਸਤ ਨੂੰ ਯਾਦ ਕਰਦਿਆਂ ਹਰਜੀਤ ਗਰੇਵਾਲ ਨੇ ਉਨਾ ਦੀ ਯਾਦ ਨੂੰ ਸੰਭਾਲਣ ਅਤੇ ਸਿੱਖ ਕੌਮ ਦੀ ਬਿਹਤਰੀ ਲਈ ਉਨ੍ਹਾਂ ਵੱਲੋਂ ਅਰੰਭੇ ਨੇਕ ਕਾਰਜ ਜਾਰੀ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ।