ਚੰਡੀਗੜ੍ਹ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਸ੍ਰੀ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਨਲਿਨ, ਜੋ 67 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ "ਹਿਮ ਪ੍ਰਭਾ" ਅਖ਼ਬਾਰ ਦੇ ਮਾਲਕ ਅਤੇ ਸੰਪਾਦਕ ਸਨ। ਉਹ ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਵੀ ਰਹੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਇੱਕ ਪੁੱਤਰ, ਨੂੰਹ ਅਤੇ ਪੋਤਾ-ਪੋਤੀ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਪੱਤਰਕਾਰੀ, ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਦੇ ਖੇਤਰ ਵਿੱਚ ਸ੍ਰੀ ਨਲਿਨ ਅਚਾਰੀਆ ਦੇ ਬਹੁਪੱਖੀ ਯੋਗਦਾਨ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰੈਸ ਕਲੱਬ ਦੀ ਪ੍ਰਧਾਨਗੀ ਅਤੇ “ਹਿਮ ਪ੍ਰਭਾ” ਵਿੱਚ ਸਟੀਕ ਅਗਵਾਈ ਨਾਲ ਉਨ੍ਹਾਂ ਨੇ ਅਮਿੱਟ ਛਾਪ ਛੱਡੀ ਹੈ।
ਦੁਖੀ ਪਰਿਵਾਰ ਅਤੇ ਸਕੇ-ਸੰਬੰਧੀਆਂ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ।