- “ਹਰ ਇਕ ਵੋਟ ਜ਼ਰੂਰੀ, ਨਵੀਂ ਵੋਟ ਬਣਾਉਣਾ ਸਾਡੀ ਜ਼ਿੰਮੇਵਾਰੀ”
- ਖਾਲਸਾ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਯੋਗ ਨਵੇਂ ਵੋਟਰਾਂ ਨਾਲ ਰੂਬਰੂ ਹੋਏ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਹਰਜਿੰਦਰ ਸਿੰਘ ਭੱਟੀ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਨੌਜਵਾਨਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਅਤੇ ਯੋਗ ਨਵੇਂ ਵੋਟਰਾਂ ਦੀ ਵੋਟ ਬਣਾਉਣ ਲਈ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਖਾਲਸਾ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਯੋਗ ਵਿਦਿਆਰਥੀਆਂ ਲਈ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖ਼ਸ਼ੀ ਸਿੰਘ ਅੰਟਾਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਯੋਗ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਆਨਲਾਈਨ ਵਿਧੀ ਰਾਹੀਂ ਵੋਟਰ ਰਜਿਸਟ੍ਰੇਸ਼ਨ ਕਰਨ। ਇਸ ਮੌਕੇ ਵਿਦਿਆਰਥੀਆਂ ਨੂੰ ECINET/Voter Helpline ਐਪ ਡਾਊਨਲੋਡ ਕਰਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਫਾਲੋ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।
ਕੈਂਪ ਦੌਰਾਨ ਲਗਭਗ 70 ਅਜਿਹੇ ਯੋਗ ਵਿਦਿਆਰਥੀਆਂ ਦੀ ਪਹਿਚਾਣ ਕੀਤੀ ਗਈ, ਜਿਨ੍ਹਾਂ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਾਈ ਸੀ। ਜ਼ਿਲ੍ਹਾ ਸਵੀਪ ਟੀਮ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸਬੰਧੀ ਮੌਕੇ ’ਤੇ ਸਹਾਇਤਾ ਪ੍ਰਦਾਨ ਕੀਤੀ ਗਈ ਅਤੇ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਵਿਸ਼ੇਸ਼ ਕੈਂਪ ਦਾ ਆਯੋਜਨ ਕਾਲਜ ਦੀ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਵੱਲੋਂ ਕੀਤਾ ਗਿਆ, ਜਦਕਿ ਕਾਲਜ ਦੀ ਨੋਡਲ ਅਫ਼ਸਰ ਸ੍ਰੀਮਤੀ ਲਖਵਿੰਦਰ ਕੌਰ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦਿੱਤਾ।
ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਸ੍ਰੀਮਤੀ ਵਰਿੰਦਰ ਕੌਰ, ਸ੍ਰੀਮਤੀ ਗੁਰਮੀਤ ਕੌਰ ਅਤੇ ਸ੍ਰੀ ਆਰ. ਕੇ. ਸੈਣੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਅਤੇ ਚੋਣ ਪ੍ਰਕਿਰਿਆ ਸਬੰਧੀ ਜਾਗਰੂਕ ਕੀਤਾ।
ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਨੇ ਕਿਹਾ ਕਿ “ਨੌਜਵਾਨਾਂ ਦੀ ਪਹਿਲੀ ਵੋਟ, ਮੇਰਾ ਮਾਣ—ਮਜ਼ਬੂਤ ਲੋਕਤੰਤਰ ਦੀ ਪਹਿਚਾਣ”। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੇ ਲੋਕਤੰਤਰ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਦੀ ਪਹਿਲੀ ਵੋਟ ਨਾ ਸਿਰਫ਼ ਉਨ੍ਹਾਂ ਦੇ ਨਾਗਰਿਕ ਹੱਕ ਦੀ ਵਰਤੋਂ ਹੈ, ਸਗੋਂ ਲੋਕਤੰਤਰ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਵੀ ਹੈ।